ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਲਾਭ ਦੇਣ ਲਈ ਨਿਯਮਾਂ ਅਤੇ ਸ਼ਰਤਾਂ ਵਿੱਚ ਢਿੱਲ ਦੇਵੇਗੀ ਤਾਂ ਜੋ ਉਸਾਰੀ ਕਿਰਤੀਆਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਰਤ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰਮੋਸ਼ਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਨੂੰ ਵੱਧ ਤੋਂ ਵੱਧ ਲਾਭ ਦੇਣ ਦੇ ਮੰਤਵ ਨਾਲ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਭਲਾਈ ਸਕੀਮਾਂ ਅਤੇ ਸ਼ਰਤਾਂ ਨੂੰ ਸੁਖਾਲਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਉਸਾਰੀ ਕਿਰਤੀ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਹੀ ਬੋਰਡ ਦੀਆਂ ਭਲਾਈ ਸਕੀਮਾਂ ਦਾ ਲਾਭ ਲੈ ਸਕਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਸਹੂਲਤ ਲਈ ਇੱਕ ਮੋਬਾਈਲ ਐਪ ‘ਪੰਜਾਬ ਕਿਰਤੀ ਸਹਿਜੀ’ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਇਸ ਮੋਬਾਈਲ ਐਪ ‘ਤੇ ਉਸਾਰੀ ਕਿਰਤੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਮੋਬਾਈਲ ਤੋਂ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦਾ ਹੈ, ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦੇ ਖਰਚੇ ‘ਤੇ ਸੁਵਿਧਾ ਕੇਂਦਰ ਜਾਣ ਦੀ ਵੀ ਲੋੜ ਨਹੀਂ ਪਵੇਗੀ। ਮੰਤਰੀ ਨੇ ਰਾਜ ਦੇ ਉਸਾਰੀ ਕਿਰਤੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੱਧ ਤੋਂ ਵੱਧ ਆਪਣੇ ਆਪ ਨੂੰ ਰਜਿਸਟਰ ਕਰਵਾਉਣ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਸਾਰੀ ਕਿਰਤੀਆਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
