ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕਸਬਾ ਘੁਮਾਣ ਦੇ ਪਿੰਡ ਸੱਖੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੀਨੀਅਰ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ ਦੀ ਅਗਵਾਈ ‘ਚ ਪ੍ਰਚਾਰਕ ਭਾਈ ਗੁਰਭਾਜ ਸਿੰਘ, ਭਾਈ ਲਵਲਪ੍ਰੀਤ ਸਿੰਘ ਅਤੇ ਭਾਈ ਕੁਲਵੰਤ ਸਿੰਘ ਮੌਕੇ ‘ਤੇ ਪਹੁੰਚੇ, ਜਿਨ੍ਹਾਂ ਨੇ ਘਟਨਾ ਦੀ ਪੂਰੀ ਜਾਣਕਾਰੀ ਹਾਸਲ ਕੀਤੀ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਗਤਾਂ ਨੂੰ ਕਈ ਵਾਰ ਸੇਵਾਦਾਰਾਂ ਦੀ ਅਣਹੋਂਦ ਵਿੱਚ ਬਿਜਲੀ ਦੇ ਯੰਤਰ ਚਾਲੂ ਨਾ ਰੱਖਣ ਦੀ ਅਪੀਲ ਕੀਤੀ ਗਈ ਹੈ ਪਰ ਦੁੱਖ ਦੀ ਗੱਲ ਹੈ ਕਿ ਪ੍ਰਬੰਧਕ ਕਮੇਟੀਆਂ ਇਸ ਵੱਲ ਧਿਆਨ ਨਹੀਂ ਦਿੰਦੀਆਂ। ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਵੀ ਬਿਜਲੀ ਦੇ ਪੱਖੇ ਦੇ ਸ਼ਾਰਟ ਸਰਕਟ ਕਾਰਨ ਇਹ ਘਟਨਾ ਵਾਪਰੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਹਾਦਸਿਆਂ ਨੂੰ ਰੋਕਣ ਲਈ ਸੁਚੇਤ ਰਹਿਣ ਅਤੇ ਗੁਰਦੁਆਰਿਆਂ ਅੰਦਰ ਬਿਜਲੀ ਦੀਆਂ ਤਾਰਾਂ ਅਤੇ ਉਪਕਰਨਾਂ ਦੀ ਨਿਯਮਤ ਜਾਂਚ ਕਰਵਾਉਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਅੰਦਰ ਸੇਵਾਦਾਰ ਦਾ ਹਰ ਸਮੇਂ ਹਾਜ਼ਰ ਹੋਣਾ ਲਾਜ਼ਮੀ ਕੀਤਾ ਜਾਵੇ ਤਾਂ ਜੋ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਗੁਰਦੁਆਰਾ ਕਮੇਟੀਆਂ ਨੂੰ ਸਮੇਂ-ਸਮੇਂ ‘ਤੇ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।