ਕੁਲਤਾਰ ਸਿੰਘ ਸੰਧਵਾਂ ਦਾ ਵਿਸ਼ੇਸ਼ ਉਪਰਾਲਾ – ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਪੰਜਾਬ ਵਿਧਾਨ ਸਭਾ ‘ਚ ਸਨਮਾਨ –


ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਝੋਨੇ ਦੀ ਪਰਾਲੀ ਦਾ ਨਿਪਟਾਰਾ ਸੰਭਵ ਨਹੀਂ : ਮੀਤ ਹੇਅਰ

ਚੰਡੀਗੜ੍ਹ, 17 ਅਕਤੂਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਅੱਜ ਵਿਧਾਨ ਸਭਾ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਪਰਾਲੀ ਨੂੰ ਪਿਛਲੇ ਕਈ ਸਾਲਾਂ ਤੋਂ ਨਾ ਸਾੜਨ ਲਈ ਸਨਮਾਨਿਤ ਕੀਤਾ। ਇਸ ਮੌਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਸਮਾਰੋਹ ਵਿੱਚ ਫਰੀਦਕੋਟ ਦੇ 18, ਮੋਗਾ ਦੇ 13, ਸੰਗਰੂਰ ਦੇ 10, ਰੂਪਨਗਰ ਤੋਂ ਇੱਕ, ਗੁਰਦਾਸਪੁਰ ਦੇ 10, ਲੁਧਿਆਣਾ ਅਤੇ ਬਰਨਾਲਾ ਦੇ 7 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸੰਧਵਾਂ ਨੇ ਕਿਹਾ ਕਿ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲ ਕੇ ਖੇਤੀ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕਰਕੇ ਉਹ ਖੁਦ ਨੂੰ ਮਾਣ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਕਿਸਾਨ ਸਮਾਜ ਲਈ ਬਹੁਤ ਵੱਡਾ ਉਪਰਾਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਇਹ ਪਹਿਲੀ ਕਿਸਮ ਦਾ ਸਮਾਗਮ ਹੈ, ਜਿਸ ਵਿੱਚ ਲੋਕਾਂ ਨੂੰ ਇਕੱਠੇ ਬੈਠ ਕੇ ਵਾਤਾਵਰਨ ਦੀ ਸੰਭਾਲ ਲਈ ਵਿਚਾਰਾਂ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਵਾਤਾਵਰਨ ਪੱਖੀ ਖੇਤੀ ਕਰਨ ਲਈ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਵੀ ਕੀਤੀ।

ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸਪੀਕਰ ਪੰਜਾਬ ਵਿਧਾਨ ਸਭਾ ਦੇ ਇਸ ਨਿਵੇਕਲੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਆਸ ਪ੍ਰਗਟਾਈ ਕਿ ਇਹ ਪ੍ਰੋਗਰਾਮ ਪੰਜਾਬ ਦੇ ਕਿਸਾਨਾਂ ਲਈ ਮਾਰਗ ਦਰਸ਼ਕ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਗੰਭੀਰਤਾ ਨਾਲ ਯਤਨਸ਼ੀਲ ਹੈ ਅਤੇ ਹਰ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ ਪਰ ਕਿਸਾਨਾਂ ਦੇ ਸਹਿਯੋਗ ਤੋਂ ਬਿਨਾਂ ਇਹ ਸੰਭਵ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ।

ਇਸ ਮੌਕੇ 100 ਦੇ ਕਰੀਬ ਕਿਸਾਨਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਘਨਈਆ ਕੈਂਸਰ ਰੋਕਥਾਮ ਸੁਸਾਇਟੀ ਫ਼ਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ., ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਕਰਨਜੀਤ ਸਿੰਘ, ਯਾਦਵਿੰਦਰ ਸਿੰਘ ਏ.ਡੀ.ਓ., ਉੱਘੇ ਉਦਯੋਗਪਤੀ ਮਿੰਟੂ ਧੂਰਕੋਟ ਰਣਸੀਹ ਵੀ ਹਾਜ਼ਰ ਸਨ।

————

Leave a Reply

Your email address will not be published. Required fields are marked *