ਇਸ ਕੰਮ ‘ਤੇ ਕਰੀਬ 60 ਕਰੋੜ ਰੁਪਏ ਖਰਚ ਕੀਤੇ ਜਾਣਗੇ। ਚੰਡੀਗੜ੍ਹ: ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਖਰੜ ਅਤੇ ਜ਼ੀਰਕਪੁਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕੰਮ ਜੰਗੀ ਪੱਧਰ ‘ਤੇ ਮੁਕੰਮਲ ਕਰਨ। ਜ਼ਿਕਰਯੋਗ ਹੈ ਕਿ ਇਸ ਕੰਮ ‘ਤੇ ਕਰੀਬ 60 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਖਰੜ ਸ਼ਹਿਰ ਵਾਸੀਆਂ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ 5 ਐਮ.ਜੀ.ਡੀ. ਸਮਰੱਥਾ ਵਾਲੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਕੰਮ ਗਮਾਡਾ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਾਈਪ ਲਾਈਨਾਂ ਅਤੇ ਟੈਂਕੀਆਂ ਦੀ ਉਸਾਰੀ ਦਾ ਕੰਮ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਗਮਾਡਾ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਉਪਰੰਤ ਦੱਸਿਆ ਕਿ ਜ਼ੀਰਕਪੁਰ ਸ਼ਹਿਰ ਲਈ ਹਾਲ ਹੀ ਵਿੱਚ 2.0 ਐਮ.ਜੀ.ਡੀ. ਨਹਿਰੀ ਪਾਣੀ ਦੇਣ ਲਈ ਵੀ ਸਹਿਮਤੀ ਬਣੀ ਹੈ। ਉਨ੍ਹਾਂ ਕਿਹਾ ਕਿ ਖਰੜ ਅਤੇ ਜ਼ੀਰਕਪੁਰ ਸ਼ਹਿਰਾਂ ਨੂੰ ਨਹਿਰੀ ਪੀਣ ਵਾਲਾ ਪਾਣੀ ਮਿਲਣ ਨਾਲ ਧਰਤੀ ਹੇਠਲੇ ਪਾਣੀ ਨੂੰ ਡੂੰਘਾ ਜਾਣ ਤੋਂ ਰੋਕਣ ਦੀ ਦਿਸ਼ਾ ਵਿੱਚ ਇਹ ਅਹਿਮ ਕਦਮ ਹੋਵੇਗਾ। ਡਾ: ਨਿੱਝਰ ਨੇ ਕਿਹਾ ਕਿ ਜ਼ਮੀਨ ਅਤੇ ਫੰਡਾਂ ਦਾ ਪ੍ਰਬੰਧ ਨਗਰ ਕੌਂਸਲ ਖਰੜ ਵੱਲੋਂ ਕੀਤਾ ਜਾਵੇਗਾ। ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ, ਮੁੱਖ ਕਾਰਜਕਾਰੀ ਅਫ਼ਸਰ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ, ਡਾਇਰੈਕਟਰ ਸਥਾਨਕ ਸਰਕਾਰਾਂ ਗਮਾਡਾ, ਸਿੰਚਾਈ ਵਿਭਾਗ ਅਤੇ ਨਗਰ ਕੌਂਸਲ ਖਰੜ ਦੇ ਅਧਿਕਾਰੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
