ਪਟਿਆਲਾ: ਚੋਣ ਅਬਜ਼ਰਵਰ ਵਿਨੈ ਬੁਬਲਾਨੀ ਨੇ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ
-ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਤਸੱਲੀ ਪ੍ਰਗਟਾਈ ਕਿ ਚੋਣ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹੀ।
ਪਟਿਆਲਾ, 14 ਦਸੰਬਰ:
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਗਏ ਚੋਣ ਆਬਜ਼ਰਵਰ, ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਨੇ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ 10 ਬਲਾਕ ਕਮੇਟੀਆਂ ਲਈ ਪਈਆਂ ਵੋਟਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦੇ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕੀਤਾ। ਉਨ੍ਹਾਂ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੇ ਸ਼ਾਂਤੀਪੂਰਵਕ ਨੇਪਰੇ ਚੜ੍ਹਨ ’ਤੇ ਤਸੱਲੀ ਪ੍ਰਗਟਾਈ ਹੈ।
ਵਿਨੈ ਬੁਬਲਾਨੀ ਨੇ ਜ਼ਿਲ੍ਹੇ ਦੇ ਕਈ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਦਿਆਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਆਜ਼ਾਦ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਹਰ ਪਹਿਲੂ ‘ਤੇ ਨਜ਼ਰ ਰੱਖਣ ਲਈ ਫਲਾਇੰਗ ਸਕੁਐਡ ਟੀਮਾਂ ਸਮੇਤ ਹੋਰ ਪ੍ਰਬੰਧ ਕੀਤੇ ਗਏ ਹਨ।
ਚੋਣ ਅਬਜ਼ਰਵਰ ਨੇ ਪੋਲਿੰਗ ਸਟੇਸ਼ਨਾਂ ‘ਤੇ ਵੋਟਾਂ ਪਾਉਣ ਲਈ ਚੋਣ ਅਮਲੇ ‘ਚ ਲੱਗੇ ਪ੍ਰੀਜ਼ਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਸਮੇਤ ਸਿਆਸੀ ਪਾਰਟੀਆਂ ਦੇ ਪੋਲਿੰਗ ਏਜੰਟਾਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਚੋਣ ਪ੍ਰਕਿਰਿਆ ਬਾਰੇ ਜਾਣਕਾਰੀ ਹਾਸਲ ਕਰਦੇ ਹੋਏ ਕਿਹਾ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾ ਕੇ ਸਮੁੱਚਾ ਕੰਮ ਸੁਚਾਰੂ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਂਦਾ ਹੈ।
ਡਿਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਇਸ ਦੌਰਾਨ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ, ਏ.ਡੀ.ਸੀ.ਦਮਨਜੀਤ ਸਿੰਘ ਮਾਨ ਅਤੇ ਡਾ.ਇਸਮਤ ਵਿਜੇ ਸਿੰਘ ਸਮੇਤ ਸਮੂਹ ਰਿਟਰਨਿੰਗ ਅਫ਼ਸਰਾਂ ਨਾਲ ਗੱਲਬਾਤ ਕਰਨ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਨੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਸ਼ਾਂਤਮਈ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸੂਬਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਹਮਾਇਤ ਕੀਤੀ।
ਵਿਨੈ ਬੁਬਲਾਨੀ ਨੇ ਕਿਹਾ ਕਿ ਉਨ੍ਹਾਂ ਹਰ ਬਲਾਕ ਕਮੇਟੀ ਤੋਂ ਮਿੰਟ-ਮਿੰਟ ਦੀ ਜਾਣਕਾਰੀ ਹਾਸਲ ਕੀਤੀ ਹੈ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਕਿਤੇ ਵੀ ਕੋਈ ਗੜਬੜੀ ਜਾਂ ਕੋਈ ਮਾੜੀ ਘਟਨਾ ਸਾਹਮਣੇ ਨਹੀਂ ਆਈ ਹੈ। ਇਸ ਮੌਕੇ ਉਨ੍ਹਾਂ ਨਾਲ ਸੰਪਰਕ ਅਫ਼ਸਰ ਏ.ਈ.ਟੀ.ਸੀ. ਰਾਜੇਸ਼ ਐਰੀ ਵੀ ਹਾਜ਼ਰ ਸਨ।
