ਪਟਿਆਲਾ ਨਿਊਜ਼ : ਡਾ ਬਲਬੀਰ ਸਿੰਘ ਨੇ ਅਰਬਨ ਅਸਟੇਟ ਵਿੱਚ 5 ਕਰੋੜ ਨਾਲ 25 ਕਿਲੋਮੀਟਰ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ

ਪਟਿਆਲਾ ਨਿਊਜ਼ : ਡਾ ਬਲਬੀਰ ਸਿੰਘ ਨੇ ਅਰਬਨ ਅਸਟੇਟ ਵਿੱਚ 5 ਕਰੋੜ ਨਾਲ 25 ਕਿਲੋਮੀਟਰ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ
*ਵਿਕਾਸ ਕਾਰਜਾਂ ਨਾਲ ਬਦਲੇਗੀ ਪਟਿਆਲਾ ਦੀ ਤਸਵੀਰ- ਡਾ ਬਲਬੀਰ ਸਿੰਘ*
* ਅਰਬਨ ਅਸਟੇਟ ਦੇ ਵਸਨੀਕਾਂ ਨੇ ਸਫ਼ਾਈ ਵਿੱਚ ਮਿਸਾਲ ਕਾਇਮ ਕੀਤੀ – ਸਿਹਤ ਮੰਤਰੀ*
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਅਸਟੇਟ ਫੇਜ਼-2 ਵਿੱਚ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀਆਂ 25 ਕਿਲੋਮੀਟਰ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਦੇ ਹਰ ਸ਼ਹਿਰ ਅਤੇ ਪਿੰਡ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ।
ਡਾ: ਬਲਬੀਰ ਸਿੰਘ ਨੇ ਕਿਹਾ ਕਿ ਅਰਬਨ ਅਸਟੇਟ ਫੇਜ਼-2 ਦੀਆਂ ਸੜਕਾਂ ਦੇ ਨਵੀਨੀਕਰਨ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਹੋਰ ਸੁਚਾਰੂ ਹੋ ਜਾਵੇਗੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਲਾਕੇ ਦੇ ਪਾਰਕਾਂ ਦੀ ਮੁਰੰਮਤ ਅਤੇ ਸੁੰਦਰਤਾ ਵਧਾਉਣ ਲਈ ਵਿਸ਼ੇਸ਼ ਫੰਡ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਲੋਕਾਂ ਨੂੰ ਸਾਫ਼ ਸੁਥਰਾ ਅਤੇ ਹਰਿਆ ਭਰਿਆ ਵਾਤਾਵਰਣ ਮਿਲ ਸਕੇ।
ਸਿਹਤ ਮੰਤਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਥਾਂ-ਥਾਂ ਗੰਦਗੀ ਦੇ ਢੇਰ ਨਹੀਂ ਲੱਗਣ ਦਿੱਤੇ ਜਾਣੇ ਚਾਹੀਦੇ ਅਤੇ ਲੋਕ ਆਪਣੇ ਘਰਾਂ ਅਤੇ ਆਂਢ-ਗੁਆਂਢ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ। ਉਨ੍ਹਾਂ ਅਰਬਨ ਅਸਟੇਟ ਦੇ ਵਸਨੀਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕਾ ਵਾਸੀਆਂ ਨੇ ਆਪਣੇ ਇਲਾਕੇ ਨੂੰ ਬਹੁਤ ਹੀ ਸਾਫ਼ ਸੁਥਰਾ ਬਣਾ ਕੇ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਖੇਤਰਾਂ ਦੇ ਲੋਕਾਂ ਨੂੰ ਵੀ ਇਸ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।
ਡਾ: ਬਲਬੀਰ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਰੁੱਖ ਲਗਾਉਣੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਸਾਡੇ ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਨਾਲ-ਨਾਲ ਪੌਦੇ ਮਨੁੱਖੀ ਜੀਵਨ ਲਈ ਆਕਸੀਜਨ ਦਾ ਮੁੱਖ ਸਰੋਤ ਹਨ। ਉਨ੍ਹਾਂ ਕਿਹਾ ਕਿ ਮਨੁੱਖ ਕੁਦਰਤ ਨਾਲ ਜੁੜ ਕੇ ਹੀ ਅਸਲ ਸੁੱਖ ਅਤੇ ਸ਼ਾਂਤੀ ਦਾ ਆਨੰਦ ਮਾਣ ਸਕਦਾ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰੇਕ ਨਾਗਰਿਕ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ। ਇਸ ਵਚਨਬੱਧਤਾ ਨਾਲ ਸਰਕਾਰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦਾ ਇਹ ਸਿਲਸਿਲਾ ਨਿਰੰਤਰ ਜਾਰੀ ਰਹੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।
ਇਸ ਮੌਕੇ ਇਲਾਕਾ ਨਿਵਾਸੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਿਹਤ ਮੰਤਰੀ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ |
ਇਸ ਮੌਕੇ ਪੀਡੀਏ ਦੀ ਮੁੱਖ ਪ੍ਰਸ਼ਾਸਕ ਮਿਸ ਅਪਰਨਾ, ਚੀਫ ਇੰਜਨੀਅਰ ਅਜੇ ਗਰਗ, ਐਸਈ ਵਰੁਣ ਗਰਗ, ਐਕਸੀਅਨ ਇੰਜੀ: ਮੁਨੀਸ਼ ਮਹਿਤਾ, ਐਸਡੀਈ ਇੰਜੀ: ਰਾਜੀਵ ਕੁਮਾਰ, ਜੇਈ ਇੰਜੀ: ਅਵਤਾਰ ਸਿੰਘ ਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *