ਪਟਿਆਲਾ ਨਿਊਜ਼: ਧਾਰਮਿਕ ਸਮਾਗਮ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ।
ਪੰਜਾਬ ਸਰਕਾਰ ਵੱਲੋਂ ਭਗਵਾਨ ਸ਼ਿਵ ਦੀ ਮਹਿਮਾ ਨੂੰ ਸਮਰਪਿਤ ਇਕ ਵਿਸ਼ਾਲ ਧਾਰਮਿਕ ਸਮਾਗਮ 28 ਜੁਲਾਈ ਨੂੰ ਆਤਮਾ ਰਾਮ ਕੁਮਾਰ ਸਭਾ ਗਰਾਊਂਡ ਪਟਿਆਲਾ ਵਿਖੇ ‘ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ’ ਕਰਵਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰਿਤਾ ਜੌਹਲ ਨੇ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਮਾਗਮ ਨਾਲ ਸਬੰਧਤ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਅਤੇ ਹਰੇਕ ਵਿਭਾਗ ਨੂੰ ਆਪਣੀ ਜ਼ਿੰਮੇਵਾਰੀ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਦੀ ਹਦਾਇਤ ਕੀਤੀ।
ਇਸ ਮੌਕੇ ਤੇਜਿੰਦਰ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨੂੰ ਪ੍ਰਫੁੱਲਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਹਰ ਲੋੜੀਂਦੀ ਸਹੂਲਤ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਇਸ ਵਿਸ਼ਾਲ ਸਮਾਗਮ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਸੁਰੱਖਿਆ, ਟ੍ਰੈਫਿਕ ਪ੍ਰਬੰਧ, ਸਫਾਈ, ਬਿਜਲੀ, ਪੀਣ ਵਾਲੇ ਪਾਣੀ, ਪਾਰਕਿੰਗ ਅਤੇ ਐਮਰਜੈਂਸੀ ਸਿਹਤ ਸੇਵਾਵਾਂ ਦੇ ਪੁਖਤਾ ਪ੍ਰਬੰਧ ਕਰਨ ਲਈ ਕਿਹਾ।
ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਸਮਾਗਮ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਵਿਭਾਗਾਂ ਵਿੱਚ ਆਪਸੀ ਤਾਲਮੇਲ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ, ਆਵਾਜਾਈ ਦੇ ਸੁਚਾਰੂ ਪ੍ਰਬੰਧ, ਮੈਡੀਕਲ ਟੀਮਾਂ ਦੀ ਤਾਇਨਾਤੀ, ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਸਮਾਗਮ ਨੂੰ ਸ਼ਾਂਤੀਪੂਰਵਕ ਅਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਸੰਯੁਕਤ ਕਮਿਸ਼ਨਰ ਹਰਜੋਤ ਕੌਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਮਨਰੀਤ ਰਾਣਾ, ਸਿਵਲ ਸਰਜਨ ਸ਼ੈਲੀ ਜੇਤਲੀ, ਐਸਪੀ ਪਲਵਿੰਦਰ ਸਿੰਘ ਚੀਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
