13/11/2026
ਪਟਿਆਲਾ ਨਿਊਜ਼ : ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਹੌਟਸਪੌਟ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਦਾ ਏ.ਡੀ.ਸੀ.

-ਨਸ਼ੀਲੇ ਪਦਾਰਥਾਂ ਦੀ ਸਪਲਾਈ ਨੂੰ ਰੋਕਣ ਦੇ ਨਾਲ-ਨਾਲ ਨਸ਼ੇ ਦੇ ਆਦੀ ਲੋਕਾਂ ਲਈ ਇਲਾਜ, ਮੁੜ ਵਸੇਬਾ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼।

ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੁਪ੍ਰੀਤਾ ਜੌਹਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਨਸ਼ਿਆਂ ਵਿਰੁੱਧ ਜੰਗ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਹੌਟਸਪੌਟ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਅਤੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਉਨ੍ਹਾਂ ਸਮੂਹ ਐਸ.ਡੀ.ਐਮਜ਼, ਡੀ.ਐਸ.ਪੀਜ਼ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਾਰੇ ਵਿਭਾਗ ਆਪਸ ਵਿੱਚ ਤਾਲਮੇਲ ਕਰਕੇ ਪੂਰੀ ਤਨਦੇਹੀ ਨਾਲ ਕੰਮ ਕਰਨ ਅਤੇ ਕਿਸੇ ਵੀ ਪੱਧਰ ‘ਤੇ ਕੋਈ ਢਿੱਲ-ਮੱਠ ਨਾ ਵਰਤੀ ਜਾਵੇ।

ਏ.ਡੀ.ਸੀ ਨੇ ਦੱਸਿਆ ਕਿ ਨਸ਼ਿਆਂ ਦੀ ਵਿਕਰੀ ਅਤੇ ਹੋਰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੇ ਮੱਦੇਨਜ਼ਰ ਜ਼ਿਲ੍ਹਾ ਪਟਿਆਲਾ ਵਿੱਚ 20 ਖੇਤਰਾਂ ਨੂੰ ਹੌਟ ਸਪਾਟ ਵਜੋਂ ਪਛਾਣਿਆ ਗਿਆ ਹੈ, ਜਿੱਥੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਿਆਂ ਦੀ ਰੋਕਥਾਮ ਲਈ ਲਗਾਤਾਰ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਵਿੱਚ ਜਿਨ੍ਹਾਂ ਥਾਵਾਂ ’ਤੇ ਨਸ਼ੇ ਹੁੰਦੇ ਹਨ, ਉਨ੍ਹਾਂ ਨੂੰ ਮੁੜ ਵਰਤੋਂ ਯੋਗ ਬਣਾਉਣ ਲਈ ਬੁਨਿਆਦੀ ਢਾਂਚੇ ਵਿੱਚ ਸੁਧਾਰ, ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਰੋਸ਼ਨੀ ਦੇ ਢੁੱਕਵੇਂ ਪ੍ਰਬੰਧ ਕਰਨ ਅਤੇ ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਦੀ ਸ਼ਨਾਖਤ ਕਰਕੇ ਕਾਨੂੰਨੀ ਪ੍ਰਕਿਰਿਆ ਤਹਿਤ ਕਾਰਵਾਈ ਕਰਨ ਵਰਗੇ ਕਦਮ ਚੁੱਕੇ ਜਾ ਰਹੇ ਹਨ।

ਅਨੁਪ੍ਰੀਤਾ ਜੌਹਲ ਨੇ ਅਧਿਕਾਰੀਆਂ ਨੂੰ ਹੌਟਸਪੌਟ ਖੇਤਰਾਂ ਵਿੱਚ ਨਿਯਮਤ ਜਨਤਕ ਮੀਟਿੰਗਾਂ ਕਰਨ ਅਤੇ ਲੋਕਾਂ ਨੂੰ ਦਰਪੇਸ਼ ਨਾਗਰਿਕ ਸਮੱਸਿਆਵਾਂ ਦੀ ਪਛਾਣ ਕਰਨ ਅਤੇ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਪਿੰਡ ਬਚਾਓ ਕਮੇਟੀਆਂ ਅਤੇ ਇਲਾਕਾ ਨਿਵਾਸੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਲਹਿਰ ਨੂੰ ਹੋਰ ਤੇਜ਼ ਕੀਤਾ ਜਾ ਸਕੇ।

ਨਸ਼ੇ ਦੇ ਆਦੀ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ‘ਤੇ ਜ਼ੋਰ ਦਿੰਦਿਆਂ ਏ.ਡੀ.ਸੀ. ਨੇ ਸਿਹਤ ਵਿਭਾਗ ਨੂੰ ਹੌਟ ਸਪਾਟ ਖੇਤਰਾਂ ਵਿੱਚ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕਰਨ, ਉਨ੍ਹਾਂ ਦੀ ਸਕਰੀਨਿੰਗ ਕਰਨ ਅਤੇ ਲੋੜ ਅਨੁਸਾਰ ਨਸ਼ਾ ਛੁਡਾਊ ਕੇਂਦਰਾਂ, ਮੁੜ ਵਸੇਬਾ ਕੇਂਦਰਾਂ ਅਤੇ ਓ.ਓ.ਏ.ਟੀ. ਕਲੀਨਿਕਾਂ ਵਿੱਚ ਇਲਾਜ ਲਈ ਦਾਖਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਇਲਾਜ ਅਧੀਨ ਵਿਅਕਤੀਆਂ ਦਾ ਇਲਾਜ ਪੂਰਾ ਹੋਣ ਤੱਕ ਨਿਯਮਤ ਤੌਰ ‘ਤੇ ਫਾਲੋਅਪ ਅਤੇ ਨਿਗਰਾਨੀ ਕਰਨ ਦੇ ਵੀ ਨਿਰਦੇਸ਼ ਦਿੱਤੇ।

ਏਡੀਸੀ ਜੌਹਲ ਨੇ ਮੈਡੀਕਲ ਸਟੋਰਾਂ ਦੀ ਜਾਂਚ ਤੇਜ਼ ਕਰਨ, ਪਾਬੰਦੀਸ਼ੁਦਾ ਦਵਾਈਆਂ ਦੀ ਗੈਰ-ਕਾਨੂੰਨੀ ਵਿਕਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਅਤੇ ਵਿੱਦਿਅਕ ਅਦਾਰਿਆਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ ’ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਵੀ ਕਿਹਾ।

ਸਿੱਖਿਆ ਵਿਭਾਗ ਨੂੰ ਸਕੂਲਾਂ, ਕਾਲਜਾਂ ਅਤੇ ਹੌਟਸਪੌਟ ਖੇਤਰਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਚਲਾਉਣ ਦੇ ਨਾਲ-ਨਾਲ ਵਿਦਿਆਰਥੀਆਂ, ਮਾਪਿਆਂ ਅਤੇ ਆਮ ਲੋਕਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਸੀ। ਉਨ੍ਹਾਂ ਸਮੂਹ ਵਿਭਾਗਾਂ ਨੂੰ ਐਨ.ਸੀ.ਸੀ. ਅਤੇ ਐਨ.ਐਸ.ਐਸ. ਰਾਹੀਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਅਤੇ ਆਪਣੀ ਕਾਰਗੁਜ਼ਾਰੀ ਦੀ ਨਿਯਮਤ ਤੌਰ ‘ਤੇ ਸਮੀਖਿਆ ਕਰਨ ਦੇ ਨਿਰਦੇਸ਼ ਵੀ ਦਿੱਤੇ।