ਪਟਿਆਲਾ ਨਿਊਜ਼ : ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮਾਣਾ ਵਿਖੇ ਬਲਾਕ ਪੱਧਰੀ ਕੈਂਪ ਲਗਾਇਆ ਗਿਆ।
-ਐਸਡੀਐਮ ਰਿਚਾ ਗੋਇਲ ਨੇ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ।
ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ, ਸਮਾਣਾ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ (ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ) ਲਈ ਬਲਾਕ ਪੱਧਰੀ ਕੈਂਪ ਲਗਾਇਆ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸਾਂਝੀ ਅਗਵਾਈ ਵਿੱਚ ਪਿੰਡਾਂ ਦੇ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।
ਕੈਂਪ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਐਸਡੀਐਮ ਸਮਾਣਾ ਰਿਚਾ ਗੋਇਲ ਨੇ ਕਿਸਾਨਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ, ਕਿਸਾਨਾਂ ਅਤੇ ਪਿੰਡਾਂ ਦੇ ਨੁਮਾਇੰਦਿਆਂ ਦਾ ਸਾਂਝਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ ਅਤੇ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸਹੀ ਪ੍ਰਬੰਧਨ ਕਰਨ।
ਇਸ ਮੌਕੇ ਡੀਐਸਪੀ ਸਮਾਣਾ ਫਤਿਹ ਸਿੰਘ ਬਰਾੜ, ਏਆਰ ਸਹਿਕਾਰੀ ਸਭਾਵਾਂ ਸਮਾਣਾ, ਬੀਡੀਪੀਓ ਸਮਾਣਾ ਗੁਰਮੀਤ ਸਿੰਘ, ਤਹਿਸੀਲਦਾਰ ਸਮਾਣਾ ਅਤੇ ਸਮੂਹ ਕਲੱਸਟਰ ਅਧਿਕਾਰੀ ਹਾਜ਼ਰ ਸਨ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸਰਕਾਰ ਵੱਲੋਂ ਪਰਾਲੀ ਦੇ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਅਤੇ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਬਾਰੇ ਵੀ ਜਾਣਕਾਰੀ ਦਿੱਤੀ।
