-ਪੀਆਰਟੀਸੀ ਸੇਵਾਵਾਂ ਨੂੰ ਬਿਹਤਰ, ਨਿਰਵਿਘਨ ਅਤੇ ਵਧੇਰੇ ਰਾਈਡਰ ਦੋਸਤਾਨਾ ਬਣਾਉਣਾ ਮੁੱਖ ਤਰਜੀਹ – ਜਸ਼ਨਪ੍ਰੀਤ ਕੌਰ ਗਿੱਲ
2014 ਬੈਚ ਦੀ ਸੀਨੀਅਰ ਪੀਸੀਐਸ ਅਧਿਕਾਰੀ ਜਸ਼ਨਪ੍ਰੀਤ ਕੌਰ ਗਿੱਲ ਨੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪਟਿਆਲਾ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ।
ਇਸ ਮੌਕੇ ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਹੋਰ ਉੱਚ ਅਧਿਕਾਰੀਆਂ ਨੇ ਜਸ਼ਨਪ੍ਰੀਤ ਕੌਰ ਗਿੱਲ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ ‘ਤੇ ਵਧਾਈ ਦਿੱਤੀ | ਇਸ ਤੋਂ ਬਾਅਦ ਅਧਿਕਾਰੀਆਂ ਨੇ ਉਨ੍ਹਾਂ ਨੂੰ ਪੀ.ਆਰ.ਟੀ.ਸੀ. ਦੇ ਕੰਮਕਾਜ, ਮੌਜੂਦਾ ਪ੍ਰਸ਼ਾਸਨਿਕ ਸਥਿਤੀ ਅਤੇ ਯਾਤਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਟਰਾਂਸਪੋਰਟ ਸਹੂਲਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਜਸ਼ਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੀਆਂ ਸੇਵਾਵਾਂ ਨੂੰ ਬਿਹਤਰ, ਨਿਰਵਿਘਨ ਅਤੇ ਯਾਤਰੀਆਂ ਦੇ ਅਨੁਕੂਲ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ ਦੀਆਂ ਬੱਸਾਂ ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਸੁਰੱਖਿਅਤ, ਆਰਾਮਦਾਇਕ ਅਤੇ ਸਮੇਂ ਸਿਰ ਆਵਾਜਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾਣਗੇ।
ਨਵੇਂ ਐਮਡੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੀ.ਆਰ.ਟੀ.ਸੀ ਬੱਸ ਫਲੀਟ ਵਿੱਚ ਹੋਰ ਨਵੀਆਂ ਬੱਸਾਂ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਰੂਟਾਂ ‘ਤੇ ਸੇਵਾਵਾਂ ਦਾ ਵਿਸਥਾਰ ਕੀਤਾ ਜਾ ਸਕੇ। ਯਾਤਰੀਆਂ ਦੀਆਂ ਜ਼ਰੂਰਤਾਂ ਨੂੰ ਜਲਦੀ ਪੂਰਾ ਕਰਨ, ਪੀਆਰਟੀਸੀ ਦੀ ਵਿੱਤੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ, ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਅਤੇ ਸੰਸਥਾ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਨਵੀਆਂ ਯੋਜਨਾਵਾਂ ਅਤੇ ਪਹਿਲਕਦਮੀਆਂ ਨੂੰ ਲਾਗੂ ਕੀਤਾ ਜਾਵੇਗਾ।
