ਪਟਿਆਲਾ ਨਿਊਜ਼ : ਬਲਾਕ ਪਟਿਆਲਾ-2 ਵਿਖੇ ਦਾਖਲਾ ਵੈਨ ਦਾ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ
– ਬਲਾਕ ਪਟਿਆਲਾ-2 ਵਿੱਚ ਦਾਖਲਾ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਹੋਈ
– ਬਲਾਕ ਦੇ ਸਮੂਹ ਅਧਿਆਪਕਾਂ ਨੇ ਨਿੱਘਾ ਸਵਾਗਤ ਕੀਤਾ
ਪਟਿਆਲਾ, 30 ਜਨਵਰੀ:
ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ-2026 ਸ਼ੁਰੂ ਹੋ ਗਈ ਹੈ। ਜਿਸ ਦੇ ਨਤੀਜੇ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਟਿਆਲਾ ਨੇ ਵੀ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵੱਖ-ਵੱਖ ਬਲਾਕਾਂ ਵਿੱਚ ਪ੍ਰਚਾਰ ਕਰਨ ਲਈ ਦਾਖ਼ਲਾ ਵੈਨਾਂ ਰਵਾਨਾ ਕੀਤੀਆਂ | ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀ. ਪ੍ਰਿਥੀ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਜਿੱਥੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਉੱਥੇ ਹੀ ਪੀ.ਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਟਿਆਲਾ ਦੇ ਪਿ੍ੰਸੀਪਲ ਮੈਡਮ ਵਿਜੇ ਕਪੂਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ |
ਇਸ ਦੌਰਾਨ ਬੋਲਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ, ਵਰਦੀਆਂ ਅਤੇ ਮਿਡ-ਡੇ-ਮੀਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਸੁਰੱਖਿਅਤ ਹੱਥਾਂ ਵਿੱਚ ਹੈ ਕਿਉਂਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਹਰ ਪੱਖੋਂ ਕਾਬਲ ਅਤੇ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਕਿਸੇ ਵੀ ਤਰ੍ਹਾਂ ਪ੍ਰਾਈਵੇਟ ਸਕੂਲਾਂ ਨਾਲੋਂ ਘੱਟ ਨਹੀਂ ਹਨ।
ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀ ਪ੍ਰਿਥੀ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਸਕੂਲਾਂ ਵਜੋਂ ਵਿਕਸਤ ਕੀਤਾ ਗਿਆ ਹੈ ਅਤੇ ਸਿੱਖਿਆ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਗਏ ਹਨ। ਅੰਤ ਵਿੱਚ ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ। ਇਸ ਮੌਕੇ ਸੀਐਚਟੀ ਪੂਰਨ ਸਿੰਘ, ਸੀਐਚਟੀ ਸੰਦੀਪ ਕੌਰ, ਸੀਐਚਟੀ ਅਮਨਦੀਪ ਕੌਰ, ਸੀਐਚਟੀ ਸਤਵੰਤ ਕੌਰ, ਸੀਐਚਟੀ ਭੁਪਿੰਦਰ ਸਿੰਘ, ਸੀਐਚਟੀ ਸੁਰੇਸ਼ ਕੁਮਾਰ, ਸੀਐਚਟੀ ਰੇਖਾ ਰਾਣੀ, ਸੀਐਚਟੀ ਬਿੰਦੂ ਬਾਲਾ, ਹੈੱਡ ਮਿਸਟ੍ਰੈਸ-ਕਮ-ਬਲਾਕ ਨੋਡਲ ਅਫਸਰ ਮੀਨਾ ਸੱਚਰ ਸਮੇਤ ਸਮੂਹ ਮੁੱਖ ਅਧਿਆਪਕ, ਸਮੂਹ ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ।
