-ਕਿਸਾਨਾਂ ਵੱਲੋਂ ਮੰਡੀਆਂ ਵਿੱਚ ਵਿਕਣ ਲਈ ਲਿਆਂਦੀ ਝੋਨੇ ਦੀ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾਵੇਗੀ: ਹਿਮਾਂਸ਼ੂ ਜੈਨ।
-ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
2017 ਬੈਚ ਦੇ ਆਈਏਐਸ ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰਨ ਲਈ ਅਗਾਂਹਵਧੂ, ਪਾਰਦਰਸ਼ੀ ਅਤੇ ਲੋਕ ਕੇਂਦਰਿਤ ਪ੍ਰਸ਼ਾਸਨ ਦੇਣ ਲਈ ਵਚਨਬੱਧਤਾ ਪ੍ਰਗਟਾਈ ਹੈ।
ਇਸ ਮੌਕੇ ਹਿਮਾਂਸ਼ੂ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਵਿੱਕਰੀ ਲਈ ਲਿਆਂਦੀ ਗਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫੀ ਕਮੀ ਆਈ ਹੈ ਪਰ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਤਾਂ ਜੋ ਪਰਾਲੀ ਨੂੰ ਸਾੜਨ ਤੋਂ ਬਿਨਾਂ ਹੀ ਇਸ ਦਾ ਸਹੀ ਪ੍ਰਬੰਧਨ ਕੀਤਾ ਜਾ ਸਕੇ।
ਵਰਨਣਯੋਗ ਹੈ ਕਿ ਹਿਮਾਂਸ਼ੂ ਜੈਨ ਇਸ ਤੋਂ ਪਹਿਲਾਂ ਲੁਧਿਆਣਾ ਅਤੇ ਰੂਪਨਗਰ ਦੇ ਡਿਪਟੀ ਕਮਿਸ਼ਨਰ, ਮੁੱਖ ਮੰਤਰੀ ਦਫ਼ਤਰ ਵਿੱਚ ਵਧੀਕ ਪ੍ਰਮੁੱਖ ਸਕੱਤਰ, ਹੁਸ਼ਿਆਰਪੁਰ ਨਗਰ ਨਿਗਮ ਦੇ ਕਮਿਸ਼ਨਰ ਅਤੇ ਜਲੰਧਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸਮੇਤ ਕਈ ਹੋਰ ਅਹਿਮ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ।
ਹਿਮਾਂਸ਼ੂ ਜੈਨ ਵੱਲੋਂ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਣ ਮੌਕੇ ਏ.ਡੀ.ਸੀ.(ਜ) ਅਨੁਪ੍ਰੀਤਾ ਜੌਹਲ, ਐਸ.ਪੀ ਰਾਜੇਸ਼ ਛਿੱਬਰ, ਆਰ.ਟੀ.ਏ ਪੂਨਮਪ੍ਰੀਤ ਕੌਰ, ਐਸ.ਡੀ.ਐਮ ਗੁਰਦੇਵ ਸਿੰਘ ਅਤੇ ਹਰਜੋਤ ਕੌਰ ਮਾਵੀ, ਜ਼ਿਲ੍ਹਾ ਮਾਲ ਅਫ਼ਸਰ ਕਰਮਜੋਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਡਾ: ਰਵਿੰਦਰ ਕੌਰ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਹਾਜ਼ਰੀ ਭਰੀ। ਫੁੱਲ ਅਤੇ ਨਿੱਘਾ ਸਵਾਗਤ ਕੀਤਾ ਗਿਆ।
ਇਸ ਤੋਂ ਬਾਅਦ ਹਿਮਾਂਸ਼ੂ ਜੈਨ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕੀਤੀ ਅਤੇ ਵੱਖ-ਵੱਖ ਮਹੱਤਵਪੂਰਨ ਸਕੀਮਾਂ ਅਤੇ ਪ੍ਰਸ਼ਾਸਨਿਕ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ ‘ਤੇ ਪਟਿਆਲਾ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ ਅਤੇ ਸਲਾਮੀ ਦਿੱਤੀ ਗਈ |
