ਪਟਿਆਲਾ: ਵਿਧਾਇਕ ਕੋਹਲੀ ਅਤੇ ਮੇਅਰ ਗੋਗੀਆ ਨੇ ਧੋਬੀ ਘਾਟ ਅਤੇ ਟੋਪ ਖਾਨਾ ਮੋੜ ਵਿਖੇ 1 ਕਰੋੜ ਦੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ।
ਪਟਿਆਲਾ, 25 ਦਸੰਬਰ:
ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਧੋਬੀ ਘਾਟ ਅਤੇ ਟੋਪ ਖਾਨਾ ਮੋੜ ਵਿਖੇ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਨਗਰ ਨਿਗਮ ਦੇ ਅਧਿਕਾਰੀ, ਇੰਜੀਨੀਅਰ ਅਤੇ ਇਲਾਕਾ ਨਿਵਾਸੀ ਵੀ ਹਾਜ਼ਰ ਸਨ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਧੋਬੀ ਘਾਟ ਇਲਾਕਾ ਪਟਿਆਲਾ ਸ਼ਹਿਰ ਦਾ ਅਹਿਮ ਹਿੱਸਾ ਹੈ ਅਤੇ ਇੱਥੇ ਬੁਨਿਆਦੀ ਸਹੂਲਤਾਂ ਦੀ ਲੋੜ ਲੰਮੇ ਸਮੇਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਸੜਕਾਂ ਦੀ ਮੁਰੰਮਤ, ਡਰੇਨੇਜ ਸਿਸਟਮ ਦਾ ਸੁਧਾਰ, ਸਫ਼ਾਈ ਲਈ ਠੋਸ ਪ੍ਰਬੰਧ, ਲਾਈਟਾਂ ਲਗਾਉਣ ਅਤੇ ਸੁੰਦਰਤਾ ਵਧਾਉਣ ਲਈ ਹੋਰ ਕਈ ਕੰਮ ਸ਼ਾਮਲ ਹਨ।
ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਹਰ ਖੇਤਰ ਦਾ ਬਰਾਬਰ ਵਿਕਾਸ ਕਰਨਾ ਨਗਰ ਨਿਗਮ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਧੋਬੀ ਘਾਟ ਵਿਖੇ ਇਹ ਕੰਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ, ਜਿਸ ਨਾਲ ਨਾ ਸਿਰਫ਼ ਸਫਾਈ ਵਿਵਸਥਾ ਵਿੱਚ ਸੁਧਾਰ ਹੋਵੇਗਾ ਸਗੋਂ ਇਲਾਕੇ ਦੀ ਦਿੱਖ ਵਿੱਚ ਵੀ ਸੁਧਾਰ ਹੋਵੇਗਾ।
ਦੋਵਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਭਵਿੱਖ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਹੋਰ ਵੀ ਪ੍ਰੋਜੈਕਟ ਲਾਗੂ ਕੀਤੇ ਜਾਣ। ਇਲਾਕਾ ਨਿਵਾਸੀਆਂ ਨੇ ਵਿਕਾਸ ਕਾਰਜਾਂ ਲਈ ਸਰਕਾਰ ਅਤੇ ਨਗਰ ਨਿਗਮ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਵਾਰਡ ਨੰਬਰ 51 ਤੋਂ ਐਮਸੀ ਕਿਰਨ ਆਹੂਜਾ, ਵਾਰਡ ਨੰਬਰ 45 ਤੋਂ ਐਮਸੀ ਮੀਨਾ ਦੇਵੀ, ਜਸਬੀਰ ਸਿੰਘ ਬਿੱਟੂ ਅਤੇ ਅਮਿਤ ਡਾਬੀ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।
