ਪਟਿਆਲਾ: ਸ੍ਰੀ ਗੁਰੂ ਸਿੰਘ ਸਭਾ ਵਿਖੇ 18 ਤਰੀਕ ਨੂੰ ਮਹਾਨ ਕੀਰਤਨ ਸਮਾਗਮ, ਤਿਆਰੀਆਂ ਮੁਕੰਮਲ-ਡਾ.ਪ੍ਰੀਤੀ ਯਾਦਵ
– ਭਾਈ ਦਵਿੰਦਰ ਸਿੰਘ ਸੋਹਣੇ ਵਾਲੇ, ਭਾਈ ਸਿਮਰਨਜੀਤ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਨਛੱਤਰ ਸਿੰਘ ਦੇ ਰਾਗੀ ਜਥੇ ਗੁਰਬਾਣੀ ਕੀਰਤਨ ਕਰਨਗੇ |
-ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਵਾਲੇ ਕੀਰਤਨ ਸਮਾਗਮ ਦਾ ਲਾਹਾ ਲੈਣ ਦੀ ਕੀਤੀ ਅਪੀਲ-ਡਿਪਟੀ ਕਮਿਸ਼ਨਰ
-ਏਡੀਸੀ ਦਮਨਜੀਤ ਸਿੰਘ ਮਾਨ ਨੇ ਵੱਖ-ਵੱਖ ਮੀਟਿੰਗਾਂ ਕਰਕੇ ਤਿਆਰੀਆਂ ਨੂੰ ਅੰਤਿਮ ਛੋਹਾਂ ਦਾ ਜਾਇਜ਼ਾ ਲਿਆ
– ਕਿਹਾ, ਕੀਰਤਨ ਸਮਾਗਮ ਲਈ ਪਟਿਆਲਾ ਦੀਆਂ ਸੰਗਤਾਂ ਦਾ ਭਰਪੂਰ ਸਹਿਯੋਗ
ਪਟਿਆਲਾ, 17 ਨਵੰਬਰ:
ਪੰਜਾਬ ਸਰਕਾਰ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ, ਪਟਿਆਲਾ ਵਿਖੇ ਮਹਾਨ ਕੀਰਤਨ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪਾਂ ਸਾਰੇ ਪਰਿਵਾਰਾਂ ਸਮੇਤ ਇਸ ਕੀਰਤਨ ਦਰਬਾਰ ਵਿਚ ਪਹੁੰਚ ਕੇ ਗੁਰਬਾਣੀ ਕੀਰਤਨ ਦਾ ਲਾਹਾ ਲਓ ਤਾਂ ਜੋ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰ ਸਕੀਏ |
ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਕੀਰਤਨ ਸਮਾਗਮ ਮੌਕੇ ਭਾਈ ਦਵਿੰਦਰ ਸਿੰਘ ਜੀ ਸੋਹਾਣਾ ਸਾਹਿਬ ਵਾਲੇ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਰਾਗੀ ਜਥੇ ਭਾਈ ਸਿਮਰਨਜੀਤ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨਛੱਤਰ ਸਿੰਘ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ |
ਡਾ: ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਜਿੱਥੇ ਕੈਬਨਿਟ ਮੰਤਰੀ ਡਾ: ਬਲਬੀਰ ਸਿੰਘ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਜ਼ਿਲ੍ਹੇ ਦੇ ਸਮੂਹ ਵਿਧਾਇਕ, ਮੇਅਰ ਕੁੰਦਨ ਗੋਗੀਆ ਅਤੇ ਹੋਰ ਆਗੂ, ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਕੌਸਲਰ ਰਣਜੀਤ ਸਿੰਘ ਚੰਡੋਕ ਅਤੇ ਪਟਿਆਲਾ ਦੀਆਂ ਸੰਗਤਾਂ ਪੂਰਨ ਸਹਿਯੋਗ ਦੇ ਰਹੀਆਂ ਹਨ, ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਤਨਦੇਹੀ ਨਾਲ ਸੇਵਾ ਕੀਤੀ ਜਾ ਰਹੀ ਹੈ।
ਕੀਰਤਨ ਸਮਾਗਮ ਦੀਆਂ ਤਿਆਰੀਆਂ ਸਬੰਧੀ ਸ੍ਰੀ ਗੁਰੂ ਸਿੰਘ ਸਭਾ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਏ.ਡੀ.ਸੀ.(ਪੇਂਡੂ ਵਿਕਾਸ) ਦਮਨਜੀਤ ਸਿੰਘ ਮਾਨ, ਅੰਤ੍ਰਿੰਗ ਕਮੇਟੀ ਦੇ ਚੇਅਰਮੈਨ ਗਿਆਨੀ ਸੁਖਦੇਵ ਸਿੰਘ ਸਾਬਕਾ ਮੁੱਖ ਸਕੱਤਰ ਅਤੇ ਪ੍ਰੋ: ਜਸਵੀਰ ਕੌਰ, ਸਿੰਘ ਸਭਾ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬੀ.ਐਸ.ਬੇਦੀ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਏ.ਡੀ.ਸੀ ਮਾਨ ਨੇ ਕਿਹਾ ਕਿ ਸਾਰੀਆਂ ਤਿਆਰੀਆਂ ਮੁਕੰਮਲ ਹਨ ਅਤੇ ਉਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕਰਦੇ ਹਨ ਕਿ ਸਮੂਹ ਸੰਗਤਾਂ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਿਰਕਤ ਕਰਨ। ਇਸ ਮੌਕੇ ਐਸਪੀ ਪਲਵਿੰਦਰ ਸਿੰਘ ਚੀਮਾ, ਐਸਡੀਐਮਜੀ ਡਾ: ਇਸਮਤ ਵਿਜੇ ਸਿੰਘ, ਕਿਰਪਾਲਵੀਰ ਸਿੰਘ ਅਤੇ ਹਰਜੋਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
*******
