Site icon Geo Punjab

ਪੰਜਾਬ ਰੋਡਵੇਜ਼ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਲਈ ਮੁਲਾਜ਼ਮਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੜਾਅਵਾਰ ਪੂਰਾ ਕੀਤਾ ਜਾਵੇ: ਲਾਲਜੀਤ ਸਿੰਘ ਭੁੱਲਰ –


ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼/ਪਨਬਸ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ

ਚੰਡੀਗੜ੍ਹ, 12 ਮਈ:

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ: ਲਾਲਜੀਤ ਸਿੰਘ ਭੁੱਲਰ ਨੇ ਸ਼ੁੱਕਰਵਾਰ ਨੂੰ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਵਿਚਾਰ ਅਧੀਨ ਹਨ, ਜਿਨ੍ਹਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕੀਤਾ ਜਾਵੇਗਾ।

ਇੱਥੇ ਆਪਣੇ ਦਫ਼ਤਰ ਵਿਖੇ ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮ ਜੁਆਇੰਟ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਉਨ੍ਹਾਂ ਨੂੰ ਸੰਜਮ ਬਣਾਈ ਰੱਖਣ ਅਤੇ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਰੋਡਵੇਜ਼ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ।

ਬੱਸਾਂ ਦੇ ਸਮਾਂ-ਸਾਰਣੀ ਵਿੱਚ ਇਕਸਾਰਤਾ ਲਿਆਉਣ ਦਾ ਜ਼ਿਕਰ ਕਰਦਿਆਂ ਸ: ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬਾਈ ਬੱਸ ਸੇਵਾ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਵਚਨਬੱਧ ਹੈ ਅਤੇ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਸਾਂ ਦੇ ਟਾਈਮ ਟੇਬਲ ਵਿੱਚ ਜੇਕਰ ਕੋਈ ਤਰੁੱਟੀ ਹੈ ਤਾਂ ਉਸ ਨੂੰ ਜਲਦੀ ਤੋਂ ਜਲਦੀ ਦੂਰ ਕੀਤਾ ਜਾਵੇ।

ਪਨਬਸ ਦੀਆਂ ਕਰਜ਼ਾ ਮੁਕਤ ਬੱਸਾਂ ਦੇ ਪੰਜਾਬ ਰੋਡਵੇਜ਼ ਵਿੱਚ ਰਲੇਵੇਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਨਬਸ ਦੀਆਂ 587 ਬੱਸਾਂ ਨੂੰ ਰੋਡਵੇਜ਼ ਵਿੱਚ ਰਲੇਵਾਂ ਕਰਨ ਦਾ ਮਾਮਲਾ ਅੰਤਿਮ ਪੜਾਅ ’ਤੇ ਹੈ ਅਤੇ ਜਲਦੀ ਹੀ ਇਸ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਜਾਵੇਗੀ।

ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦੇਣ ਸਬੰਧੀ ਸਾਰੇ ਮਾਮਲਿਆਂ ਨੂੰ ਜਲਦੀ ਹੱਲ ਕੀਤਾ ਜਾਵੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਭਾਗ ਦੇ ਠੇਕੇ ‘ਤੇ ਰੱਖੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਸਰਕਾਰੀ ਸਬ-ਕਮੇਟੀ ਦੀ ਰਿਪੋਰਟ ਅਨੁਸਾਰ ਹੀ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਵਰਗ ਦੀਆਂ ਤਰੱਕੀਆਂ ਦੀ ਪ੍ਰਕਿਰਿਆ ਦੋ ਮਹੀਨਿਆਂ ਦੇ ਅੰਦਰ-ਅੰਦਰ ਮੁਕੰਮਲ ਕਰਕੇ ਇਸ ਸਬੰਧੀ ਰਿਪੋਰਟ ਪੇਸ਼ ਕਰਨ।

ਇਸੇ ਤਰ੍ਹਾਂ ਟਰਾਂਸਪੋਰਟ ਮੰਤਰੀ ਨੇ ਅਧਿਕਾਰੀਆਂ ਨੂੰ ਵਰਕਸ਼ਾਪਾਂ ਦੀ ਮੁਰੰਮਤ ਲਈ ਫੰਡ ਜਾਰੀ ਕਰਨ ਅਤੇ ਬੱਸਾਂ ਦੇ ਸਪੇਅਰ ਪਾਰਟਸ ਨੂੰ ਸਮੇਂ ਸਿਰ ਖਰੀਦਣ ਵਰਗੀਆਂ ਮੰਗਾਂ ‘ਤੇ ਵਿਚਾਰ ਕਰਨ ਦੇ ਵੀ ਨਿਰਦੇਸ਼ ਦਿੱਤੇ।

ਮੀਟਿੰਗ ਵਿੱਚ ਸਕੱਤਰ ਟਰਾਂਸਪੋਰਟ ਸ: ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਰੋਡਵੇਜ਼ ਦੀ ਡਾਇਰੈਕਟਰ ਸ੍ਰੀਮਤੀ ਅਮਨਦੀਪ ਕੌਰ, ਡਿਪਟੀ ਡਾਇਰੈਕਟਰ ਸ: ਪ੍ਰਨੀਤ ਸਿੰਘ ਮਿਨਹਾਸ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Exit mobile version