ਪੰਜਾਬ ਸਰਕਾਰ ਨੇ ਪੰਜਾਬ ਦੇ ਕਾਲਜਾਂ ਨੂੰ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਅਧੀਨ ਕੇਂਦਰ ਬਣਾਉਣ ਲਈ ਪੱਤਰ ਜਾਰੀ ਕੀਤਾ ਹੈ।
– ਯੂਨੀਵਰਸਿਟੀ ਵੱਲੋਂ ਕੇਂਦਰ ਬਣਾਉਣ ਦੀ ਅਧਿਕਾਰਤ ਪ੍ਰਕਿਰਿਆ ਸ਼ੁਰੂ
ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਕਾਲਜਾਂ ਨੂੰ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ ਅਧੀਨ ਕੇਂਦਰ ਬਣਾਉਣ ਲਈ ਪੱਤਰ ਜਾਰੀ ਕੀਤਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਯੂਨੀਵਰਸਿਟੀ ਵੱਲੋਂ ਸੈਂਟਰ ਬਣਾਉਣ ਦੀ ਅਧਿਕਾਰਤ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਕਰਯੋਗ ਹੈ ਕਿ ਪਟਿਆਲਾ ਵਿਖੇ ਸਥਿਤ ਇਹ ਯੂਨੀਵਰਸਿਟੀ ਪੰਜਾਬ ਦੀ ਪਹਿਲੀ ਸਰਕਾਰੀ ਓਪਨ ਯੂਨੀਵਰਸਿਟੀ ਹੈ ਜੋ ਕਿ ਪੂਰੇ ਪੰਜਾਬ ਵਿੱਚ ਸਿੱਖਿਆ ਪ੍ਰਦਾਨ ਕਰ ਰਹੀ ਹੈ।
ਬੁਲਾਰੇ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਵੱਧਦੀ ਲੋਕਪ੍ਰਿਅਤਾ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਵਿਭਾਗ, ਪੰਜਾਬ ਦੀ ਕਾਲਜ ਸਿੱਖਿਆ ਸ਼ਾਖਾ ਨੇ ਪੰਜਾਬ ਦੇ ਸਾਰੇ ਸਰਕਾਰੀ/ਸਹਾਇਕ ਅਤੇ ਪ੍ਰਾਈਵੇਟ ਕਾਲਜਾਂ ਨੂੰ ਲਿਖਤੀ ਹਦਾਇਤ ਜਾਰੀ ਕੀਤੀ ਹੈ ਕਿ ਜਿਹੜੇ ਕਾਲਜ ਆਪਣੇ ਕਾਲਜ ਵਿੱਚ ਰੈਗੂਲਰ ਅਤੇ ਓਪਨ ਡਿਸਟੈਂਸ ਮੋਡ ਵਿੱਚ ਸਿੱਖਿਆ ਪ੍ਰਦਾਨ ਕਰਨਾ ਚਾਹੁੰਦੇ ਹਨ, ਉਹ ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ ਵਿੱਚ ਸ਼ਾਮਲ ਹੋ ਸਕਦੇ ਹਨ ਅਤੇ ਸਿੱਖਿਅਕ ਸਹਾਇਤਾ ਕੇਂਦਰ ਬਣ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ, ਪਟਿਆਲਾ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਰਜਿਸਟਰਾਰਾਂ ਨੂੰ ਵੀ ਦਿਸ਼ਾ-ਨਿਰਦੇਸ਼ਾਂ ਦੀਆਂ ਕਾਪੀਆਂ ਭੇਜੀਆਂ ਗਈਆਂ ਹਨ ਤਾਂ ਜੋ ਲੋੜੀਂਦੀ ਕਾਰਵਾਈ ਕਰਨ ਅਤੇ ਕਾਲਜਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਰੈਗੂਲਰ ਪੜ੍ਹਾਈ ਦੇ ਨਾਲ-ਨਾਲ ਦੂਰੀ ਸਿੱਖਿਆ ਦਾ ਲਾਭ ਹਰ ਲੋੜਵੰਦ ਨੌਜਵਾਨ ਤੱਕ ਪਹੁੰਚਾਇਆ ਜਾ ਸਕੇ।

