ਮੁੱਖ ਮੰਤਰੀ ਨੇ ਗੈਂਗਸਟਰ ਕਲਚਰ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਲਈ ਪੰਜਾਬ ਪੁਲਿਸ ਦੀ ਪਿੱਠ ਥਪਥਪਾਈ


ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸੂਬੇ ਵਿੱਚ ਗੈਂਗਸਟਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਸਫ਼ਲਤਾਪੂਰਵਕ ਚਲਾਉਣ ਲਈ ਪੁਲਿਸ ਬਲ ਖਾਸ ਕਰਕੇ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਵਧਾਈ ਦਿੱਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਫੈਸਲਾਕੁੰਨ ਜੰਗ ਛੇੜੀ ਹੋਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਗੈਂਗਸਟਰ ਵਿਰੋਧੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਭਗਵੰਤ ਮਾਨ ਨੇ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਗੈਂਗਸਟਰਾਂ ਦੇ ਖਿਲਾਫ ਇਸ ਕਾਰਵਾਈ ਨੂੰ ਬੜੀ ਸਫਲਤਾ ਨਾਲ ਅੰਜਾਮ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚੋਂ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਪੁਲਿਸ ਅਧਿਕਾਰੀਆਂ ਨੇ ਅਪਰੇਸ਼ਨ ਦੌਰਾਨ ਬੇਮਿਸਾਲ ਬਹਾਦਰੀ ਅਤੇ ਦਲੇਰੀ ਦਿਖਾਈ ਹੈ। ਉਨ•ਾਂ ਕਿਹਾ ਕਿ ਪੰਜਾਬ ਪੁਲਿਸ ਨੇ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਬਹਾਦਰੀ ਅਤੇ ਪੇਸ਼ੇਵਰ ਵਚਨਬੱਧਤਾ ਦੀ ਮਹਾਨ ਪਰੰਪਰਾ ਨੂੰ ਕਾਇਮ ਰੱਖਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਗੈਂਗਸਟਰ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਸਨ। ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਸੂਬੇ ਵਿੱਚੋਂ ਗੈਂਗਸਟਰਾਂ ਅਤੇ ਨਸ਼ਿਆਂ ਦਾ ਸਫਾਇਆ ਕਰਨਾ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਸੂਬੇ ਵਿੱਚ ਨਸ਼ਿਆਂ ਦੇ ਕਾਰੋਬਾਰ ਅਤੇ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੰਦੀਆਂ ਸਨ ਪਰ ਹੁਣ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਪੰਜਾਬੀਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਨੂੰ ਸ਼ਾਂਤਮਈ, ਖੁਸ਼ਹਾਲ ਅਤੇ ਅਗਾਂਹਵਧੂ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *