ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਲੁਧਿਆਣਾ ਜ਼ਿਲ੍ਹੇ ਵਿੱਚ ਪੀ.ਐਸ.ਪੀ.ਸੀ.ਐਲ. ਦੇ ਲੱਖੋਵਾਲ, ਕੋਹਾੜਾ ਦਫ਼ਤਰ ਵਿੱਚ ਤਾਇਨਾਤ ਇੱਕ ਮਾਲ ਸਹਾਇਕ ਪਰਮਜੀਤ ਸਿੰਘ ਨੂੰ ਬਿਜਲੀ ਕੁਨੈਕਸ਼ਨ ਤਬਦੀਲ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਮਾਲ ਸਹਾਇਕ (ਆਰ.ਏ.) ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਜ਼ਿਲਾ ਲੁਧਿਆਣਾ ਦੇ ਪਿੰਡ ਲੱਖੋਵਾਲ ਦੇ ਵਸਨੀਕ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਮੁਲਜ਼ਮ ਪਰਮਜੀਤ ਸਿੰਘ ਉਸ ਦੇ ਪਿਤਾ ਦੇ ਨਾਂ ’ਤੇ ਰਜਿਸਟਰਡ ਟਿਊਬਵੈੱਲ ਦਾ ਬਿਜਲੀ ਕੁਨੈਕਸ਼ਨ ਉਸ ਦੇ ਨਾਂ ’ਤੇ ਟਰਾਂਸਫਰ ਕਰਨ ਲਈ 50 ਹਜ਼ਾਰ ਰੁਪਏ ਦੀ ਮੰਗ ਕਰ ਰਿਹਾ ਸੀ ਅਤੇ ਸੌਦਾ 30 ਹਜ਼ਾਰ ਰੁਪਏ ’ਚ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਕਤ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ (ਆਰਥਿਕ ਅਪਰਾਧ ਸ਼ਾਖਾ), ਪੰਜਾਬ, ਲੁਧਿਆਣਾ ਦੀ ਟੀਮ ਨੇ ਪਰਮਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
