ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਚਲਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬਰਨਾਲਾ ਵਿਖੇ ਤਾਇਨਾਤ ਪੀਐਨਐਸਪੀ ਦੇ ਇੰਸਪੈਕਟਰ ਰਮਨ ਗੌੜ ਨੂੰ 25000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸੇ ਦੌਰਾਨ ਇੱਕ ਹੋਰ ਮਾਮਲੇ ਵਿੱਚ ਪਟਿਆਲਾ ਦੇ ਪਿੰਡ ਅਜਨੌਦਾ ਖੁਰਦ ਦੇ ਸਾਬਕਾ ਸਰਪੰਚ ਨੂੰ ਪੰਚਾਇਤੀ ਫੰਡਾਂ ਵਿੱਚ 5.70 ਲੱਖ ਰੁਪਏ ਦੀ ਹੇਰਾਫੇਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਓਰੋ ਦੇ ਪਟਿਆਲਾ ਪੁਲਿਸ ਸਟੇਸ਼ਨ ਵਿਖੇ ਦਰਜ ਐਫਆਈਆਰ ਨੰਬਰ 25/21 ਦੀ ਪੜਤਾਲ ਦੌਰਾਨ ਉਕਤ ਇੰਸਪੈਕਟਰ ਪਨਸਪ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਉਸ ‘ਤੇ ਪੀ.ਐਨ.ਐਸ.ਪੀ ਦੇ ਇਕ ਹੋਰ ਇੰਸਪੈਕਟਰ ਪੁਖਰਾਜ ਸਿੰਗਲਾ ਨਾਲ ਮਿਲ ਕੇ ਇਕ ਦੁਕਾਨਦਾਰ ਤੋਂ ਬਿੱਲਾਂ ਦਾ ਭੁਗਤਾਨ ਕਰਨ ਲਈ 25,000 ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਪੁਖਰਾਜ ਸਿੰਗਲਾ ਨੂੰ ਇਸ ਮਾਮਲੇ ਵਿੱਚ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਵਿਜੀਲੈਂਸ ਟੀਮ ਨੇ ਤਲਾਸ਼ੀ ਦੌਰਾਨ ਰਮਨ ਗੌੜ ਕੋਲੋਂ 3.40 ਲੱਖ ਰੁਪਏ ਦੀ ਰਾਸ਼ੀ ਬਰਾਮਦ ਕੀਤੀ ਹੈ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਪਿੰਡ ਅਜਨੌਦਾ ਖੁਰਦ, ਜਿਲਾ ਪਟਿਆਲਾ ਦੀ ਸਾਬਕਾ ਸਰਪੰਚ ਸੁਖਵਿੰਦਰ ਕੌਰ ਨੂੰ ਉਸਦੇ ਕਾਰਜਕਾਲ ਦੌਰਾਨ ਗ੍ਰਾਮ ਪੰਚਾਇਤ ਦੇ ਫੰਡਾਂ ਵਿੱਚ 5.70 ਲੱਖ ਰੁਪਏ ਦੀ ਗਬਨ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।