Site icon Geo Punjab

ਸ਼੍ਰੋਮਣੀ ਕਮੇਟੀ ਦੀ ਸਾਲਾਨਾ ਬਜਟ ਮੀਟਿੰਗ ⋆ D5 News


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਉਣ ਵਾਲੇ ਬਜਟ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਬਣਾਈ ਗਈ ਸਬ-ਕਮੇਟੀ ਦੀ ਅੱਜ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਮੀਟਿੰਗ ਹੋਈ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਸਰਵਣ ਸਿੰਘ ਕੁਲਾਰ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ ਅਤੇ ਸ: ਗੁਰਿੰਦਰ ਸਿੰਘ ਮਥਰੇਵਾਲ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਦੀਆਂ ਤਰਜੀਹਾਂ ਤੈਅ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਭਾਲਣ ਦੇ ਨਾਲ-ਨਾਲ ਧਰਮ ਪ੍ਰਚਾਰ ਕਮੇਟੀ ਰਾਹੀਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਵੀ ਉਪਰਾਲੇ ਕਰ ਰਹੀ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਕਈ ਸਕੂਲ ਅਤੇ ਕਾਲਜ ਵੀ ਚਲਾਏ ਜਾ ਰਹੇ ਹਨ। ਇਨ੍ਹਾਂ ਸਾਰੀਆਂ ਸੰਸਥਾਵਾਂ ਰਾਹੀਂ ਸੇਵਾਵਾਂ ਲਈ ਵੱਖ-ਵੱਖ ਬਜਟ ਰੱਖੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਹਰ ਸਾਲ ਮਾਰਚ ਮਹੀਨੇ ਵਿੱਚ ਸ਼੍ਰੋਮਣੀ ਕਮੇਟੀ ਦੀ ਬਜਟ ਸਬੰਧੀ ਸਬ-ਕਮੇਟੀ ਹਰ ਪਹਿਲੂ ਨੂੰ ਵਿਚਾਰ ਕੇ ਆਪਣੀ ਰਿਪੋਰਟ ਦਿੰਦੀ ਹੈ, ਜਿਸ ਅਨੁਸਾਰ ਬਜਟ ਤਿਆਰ ਕੀਤਾ ਜਾਂਦਾ ਹੈ। ਭਾਈ ਗਰੇਵਾਲ ਨੇ ਦੱਸਿਆ ਕਿ ਬਜਟ ਸਬ-ਕਮੇਟੀ ਵੱਲੋਂ ਕੁਝ ਦਿਨਾਂ ਤੋਂ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਕਾਂ, ਲੇਖਾਕਾਰਾਂ ਅਤੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਤੋਂ ਸੰਸਥਾਵਾਂ ਦੀ ਵਿੱਤੀ ਹਾਲਤ ਬਾਰੇ ਜਾਣਕਾਰੀ ਲਈ ਗਈ। ਇਨ੍ਹਾਂ ਮੀਟਿੰਗਾਂ ਦੌਰਾਨ ਮਿਲੇ ਸੁਝਾਵਾਂ ਅਤੇ ਵਿਚਾਰਾਂ ਦੀ ਘੋਖ ਕਰਕੇ ਸਮੇਂ ਦੀ ਲੋੜ ਅਨੁਸਾਰ ਅਗਲੇ ਬਜਟ ਦੀਆਂ ਤਰਜੀਹਾਂ ਤੈਅ ਕੀਤੀਆਂ ਜਾਣਗੀਆਂ। ਬਜਟ ਸਬ-ਕਮੇਟੀ ਦੀ ਮੀਟਿੰਗ ਦੌਰਾਨ ਮੈਨੇਜਰ ਸ: ਸਤਨਾਮ ਸਿੰਘ ਮੰਗਸਰਾਏ, ਚੀਫ਼ ਅਕਾਊਂਟੈਂਟ ਮਿਲਖਾ ਸਿੰਘ ਮੈਨੇਜਰ ਸੁਖਰਾਜ ਸਿੰਘ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version