Site icon Geo Punjab

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ⋆ D5 News


ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫਰਵਰੀ 2023 ਵਿੱਚ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤਾ ਗਿਆ। ਐਲਾਨੇ ਨਤੀਜੇ ਅਨੁਸਾਰ 1552 ਵਿਦਿਆਰਥੀਆਂ ਨੂੰ 32 ਲੱਖ 25 ਹਜ਼ਾਰ ਰੁਪਏ ਵਜੀਫੇ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਵੀ ਸਨਮਾਨਿਤ ਕੀਤਾ ਜਾਵੇਗਾ। ਨਤੀਜੇ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿੱਥੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਕਾਰਜ ਕਰ ਰਹੀ ਹੈ, ਉੱਥੇ ਹੀ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਲਈ ਵੀ ਕੰਮ ਕਰਦੀ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ ਜਥਿਆਂ ਨਾਲ ਪਿੰਡ ਪੱਧਰ ’ਤੇ ਧਰਮ ਪ੍ਰਚਾਰ ਲਹਿਰ ਚਲਾਈ ਜਾ ਰਹੀ ਹੈ। ਨੌਜਵਾਨਾਂ ਨੂੰ ਗੁਰਬਾਣੀ ਕੀਰਤਨ ਅਤੇ ਧਰਮ ਦੀ ਸਿੱਖਿਆ ਦੇਣ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ 17 ਮਿਸ਼ਨਰੀ ਕਾਲਜ ਅਤੇ ਸਕੂਲ ਚੱਲ ਰਹੇ ਹਨ। ਇਸ ਦੇ ਨਾਲ ਹੀ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖ ਧਰਮ, ਇਤਿਹਾਸ ਤੋਂ ਜਾਣੂ ਕਰਵਾਉਣ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਿਆਦਾ ਅਤੇ ਸਿੱਖੀ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਬਹੁਤ ਮਹੱਤਵ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਦੌਰਾਨ ਹਜ਼ਾਰਾਂ ਵਿਦਿਆਰਥੀ ਭਾਗ ਲੈਂਦੇ ਹਨ, ਜਿਨ੍ਹਾਂ ਵਿੱਚੋਂ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਫਰਵਰੀ 2023 ਵਿੱਚ ਹੋਈ ਧਾਰਮਿਕ ਪ੍ਰੀਖਿਆ ਵਿੱਚ ਚਾਰ ਜਮਾਤਾਂ ਵਿੱਚ 40774 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 1552 ਵਿਦਿਆਰਥੀਆਂ ਨੂੰ ਵਜ਼ੀਫ਼ਾ ਮਿਲਿਆ ਹੈ। ਇਸ ਦੇ ਨਾਲ ਹੀ ਹਰੇਕ ਵਰਗ ਵਿੱਚ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵਿਸ਼ੇਸ਼ ਰਾਸ਼ੀ ਵੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਸਕੂਲ ਪ੍ਰਬੰਧਕਾਂ ਨੂੰ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜਵਾਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਸੀਨੀਅਰ ਮੈਂਬਰ ਗੁਰਨਾਮ ਸਿੰਘ ਜੱਸਲ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਸ: ਹਰਜਾਪ ਸਿੰਘ ਸੁਲਤਾਨਵਿੰਡ, ਸ. ਅਮਰਜੀਤ ਸਿੰਘ ਭਲਾਈਪੁਰ, ਸ.ਅਮਰੀਕ ਸਿੰਘ ਵਿਛੋਆ, ਸ. ਬਲਵਿੰਦਰ ਸਿੰਘ ਵੇਈਂਪੂਈ, ਸ. ਹਰਪਾਲ ਸਿੰਘ ਜੱਲਾ, ਸਕੱਤਰ ਸ. ਪ੍ਰਤਾਪ ਸਿੰਘ, ਓ.ਐਸ.ਡੀ.ਸਤਬੀਰ ਸਿੰਘ ਧਾਮੀ, ਸ. ਬਲਵਿੰਦਰ ਸਿੰਘ ਕਾਹਲਵਾਂ, ਉਪ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਪ੍ਰੋ: ਸੁਖਦੇਵ ਸਿੰਘ, ਸ: ਸ਼ਾਹਬਾਜ਼ ਸਿੰਘ, ਡਾ: ਅਮਰਜੀਤ ਸਿੰਘ, ਇੰਚਾਰਜ ਕੁਲਵਿੰਦਰ ਸਿੰਘ, ਹੈੱਡ ਪ੍ਰਚਾਰਕ ਸ: ਸਰਬਜੀਤ ਸਿੰਘ ਢੋਟੀ ਆਦਿ ਹਾਜ਼ਰ ਸਨ | ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version