ਕੇਂਦਰ ਸਰਕਾਰ ਦੀ ਅਗਨੀਪੱਥ ਸਕੀਮ ਦਾ ਵਿਰੋਧ ਪੰਜਾਬ ਤੱਕ ਪਹੁੰਚ ਗਿਆ ਹੈ। ਨੌਜਵਾਨਾਂ ਨੇ ਅੱਜ ਲੁਧਿਆਣਾ ਰੇਲਵੇ ਸਟੇਸ਼ਨ ਦੀ ਭੰਨਤੋੜ ਕੀਤੀ। ਨੌਜਵਾਨ ਲਾਠੀਆਂ ਅਤੇ ਲੋਹੇ ਦੀਆਂ ਰਾਡਾਂ ਲੈ ਕੇ ਪਹੁੰਚੇ।
ਉਨ੍ਹਾਂ ਪਹਿਲਾਂ ਸਟੇਸ਼ਨ ਦੇ ਬਾਹਰ ਖੜ੍ਹੇ ਵਾਹਨਾਂ ਦੀ ਭੰਨਤੋੜ ਕੀਤੀ ਅਤੇ ਫਿਰ ਅੰਦਰ ਆ ਕੇ ਸਟਾਲਾਂ ਅਤੇ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਕੀਤੀ। ਇਸ ਦੌਰਾਨ ਨੌਜਵਾਨਾਂ ਨੇ ਪੁਲੀਸ ’ਤੇ ਪਥਰਾਅ ਵੀ ਕੀਤਾ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਚਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਮਾਹੌਲ ਤਣਾਅਪੂਰਨ ਬਣਿਆ ਰਿਹਾ।
ਦੂਜੇ ਪਾਸੇ ਸਥਿਤੀ ਨੂੰ ਦੇਖਦੇ ਹੋਏ ਜੁਆਇੰਟ ਸੀਪੀ ਰਵਚਰਨ ਬਰਾੜ, ਸਾਰੇ ਥਾਣਿਆਂ ਦੇ ਐਸਐਚਓਜ਼ ਮੌਕੇ ’ਤੇ ਪਹੁੰਚ ਗਏ ਹਨ। ਪ੍ਰਦਰਸ਼ਨਕਾਰੀ ਜਗਰਾਉਂ ਪੁਲ ਵੱਲ ਮਾਰਚ ਕਰਦੇ ਦੱਸੇ ਜਾਂਦੇ ਹਨ। ਜਿਸ ਲਈ ਪੁਲ ‘ਤੇ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।
ਇਸ ਤੋਂ ਇਲਾਵਾ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਵੀ ਇਸ ਮੌਕੇ ਹਾਜ਼ਰ ਹੋਣਗੇ। ਪੁਲੀਸ ਨੇ ਰੇਲਵੇ ਸਟੇਸ਼ਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਮੁਲਜ਼ਮਾਂ ਦੀ ਪਛਾਣ ਸ਼ੁਰੂ ਕਰ ਦਿੱਤੀ ਹੈ।


