ਅਰਸ਼ ਡੱਲਾ ਦੇ ਦੋ ਸਾਥੀਆਂ ਨੇ ਗੈਂਗਸਟਰ ਨੂੰ ਬਣਾਇਆ ਅੱਤਵਾਦੀ, 5 ਬੰਦੂਕਾਂ ਅਤੇ 44 ਜਿੰਦਾ ਅਸਲੇ ਨਾਲ ਕਾਬੂ


ਚੰਡੀਗੜ੍ਹ: ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਅੱਜ ਭਗੌੜੇ ਗੈਂਗਸਟਰ ਬਣੇ ਅੱਤਵਾਦੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਦੇ ਦੋ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਅਮਨ-ਕਾਨੂੰਨ ਨੂੰ ਭੰਗ ਕਰਨ ਦੀਆਂ ਵਿਦੇਸ਼ਾਂ ਵਿੱਚ ਸਥਿਤ ਦੇਸ਼ ਵਿਰੋਧੀ ਅਨਸਰਾਂ ਦੀਆਂ ਸੰਭਾਵਿਤ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਹਰਸ਼ ਕੁਮਾਰ ਅਤੇ ਉਸ ਦੇ ਸਾਥੀ ਰਾਘਵ ਦੋਵੇਂ ਵਾਸੀ ਕੋਟ ਈਸਾ ਖਾਂ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 44 ਜਿੰਦਾ ਅਸਲੇ ਸਮੇਤ ਇੱਕ ਵਿਦੇਸ਼ੀ ਐਮਪੀ-5 ਬੰਦੂਕ ਵੀ ਬਰਾਮਦ ਕੀਤੀ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਡੀਜੀਪੀ ਪੰਜਾਬ ਵੀਕੇ ਭਾਵੜਾ ਨੇ ਦੱਸਿਆ ਕਿ ਖੁਫੀਆ ਏਜੰਸੀ ਦੀ ਅਗਵਾਈ ਹੇਠ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਦੀ ਟੀਮ ਨੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਹਰਸ਼ ਨੇ ਖੁਲਾਸਾ ਕੀਤਾ ਹੈ ਕਿ ਉਹ ਮੋਗਾ ਦੇ ਪਿੰਡ ਸ਼ਾਦੀਵਾਲਾ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਰਾਹੀਂ ਅਰਸ਼ ਡੱਲਾ ਦੇ ਸੰਪਰਕ ਵਿੱਚ ਆਇਆ ਸੀ, ਜਿਸ ਨੂੰ ਮੋਗਾ ਪੁਲਿਸ ਨੇ ਜਨਵਰੀ 2022 ਵਿੱਚ ਅਸਲੇ ਅਤੇ ਹਥਿਆਰਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਸੀ। ਡੀਜੀਪੀ ਨੇ ਦੱਸਿਆ ਕਿ ਗੋਪੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਰਸ਼ ਡੱਲਾ ਨੇ ਇੱਕ ਐਨਕ੍ਰਿਪਟਡ ਐਪ ਰਾਹੀਂ ਹਰਸ਼ ਕੁਮਾਰ ਨਾਲ ਸੰਪਰਕ ਕੀਤਾ ਅਤੇ ਉਸ ਨੂੰ ਕੰਮ ਕਰਨ ਲਈ ਮਨਾ ਲਿਆ। ਉਨ੍ਹਾਂ ਅੱਗੇ ਕਿਹਾ ਕਿ ਅਰਸ਼ ਡੱਲਾ ਨੇ ਹਰਸ਼ ਕੁਮਾਰ ਨੂੰ ਘੱਟੋ-ਘੱਟ ਦੋ ਵਾਰ ਫੰਡ ਵੀ ਭੇਜੇ ਸਨ। ਉਨ੍ਹਾਂ ਦੱਸਿਆ ਕਿ ਮੌਜੂਦਾ ਖੇਪ ਦਾ ਪ੍ਰਬੰਧ ਵੀ ਅਰਸ਼ ਡੱਲਾ ਵੱਲੋਂ ਕੀਤਾ ਗਿਆ ਹੈ। ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਮਾਨ ਨੇ ਦੱਸਿਆ ਕਿ ਮੁਲਜ਼ਮਾਂ ਨੇ ਹਥਿਆਰ ਕਿਸ ਤਰੀਕੇ ਨਾਲ ਪ੍ਰਾਪਤ ਕੀਤੇ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਉਨ੍ਹਾਂ ਤੱਕ ਪਹੁੰਚਾਉਣ ਦੇ ਮਕਸਦ ਬਾਰੇ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ, ਇਸ ਸਬੰਧ ਵਿੱਚ ਸਬੰਧਤ ਧਾਰਾਵਾਂ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮਾਮਲੇ ਵਿੱਚ ਅਰਸ਼ ਡੱਲਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *