Site icon Geo Punjab

ਆਕਾਸ਼ਵਾਣੀ ਦੇ ਦਿੱਲੀ ਅਤੇ ਚੰਡੀਗੜ੍ਹ ਕੇਂਦਰਾਂ ਤੋਂ ਪੰਜਾਬੀ ਬੁਲੇਟਿਨ ਬੰਦ ਕਰਨਾ ਪੰਜਾਬੀਆਂ ਨਾਲ ਵਿਤਕਰਾ ਹੈ-ਐਡਵੋਕੇਟ ਧਾਮੀ


ਅੰਮ੍ਰਿਤਸਰ, 27 ਮਈ 2023 – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਰਾਜਧਾਨੀ ਦਿੱਲੀ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਤੋਂ ਚੱਲ ਰਹੇ ਆਕਾਸ਼ਵਾਣੀ ਕੇਂਦਰਾਂ ਦੇ ਪੰਜਾਬੀ ਨਿਊਜ਼ ਬੁਲੇਟਿਨਾਂ ਨੂੰ ਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਪੰਜਾਬ ਅਤੇ ਪੰਜਾਬੀ ਭਾਸ਼ਾ ਨਾਲ ਵਿਤਕਰਾ ਕਰਨ ਵਾਲਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਰਹਿੰਦੇ ਹਨ, ਜਦਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੋਣ ਕਰਕੇ ਇੱਥੋਂ ਪੰਜਾਬੀ ਭਾਸ਼ਾ ਦੇ ਬੁਲੇਟਿਨਾਂ ਨੂੰ ਖ਼ਤਮ ਕਰਨਾ ਪੰਜਾਬ ਅਤੇ ਪੰਜਾਬੀਆਂ ਨਾਲ ਸਰਾਸਰ ਧੱਕਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਧੀ ਸਦੀ ਤੋਂ ਵੱਧ ਸਮੇਂ ਤੋਂ ਚੱਲ ਰਹੇ ਪੰਜਾਬੀ ਬੁਲੇਟਿਨਾਂ ਨੂੰ ਬੰਦ ਕਰਨਾ ਸਰਕਾਰ ਦੀ ਪੱਖਪਾਤੀ ਸੋਚ ਤੋਂ ਸੇਧ ਲੈ ਰਿਹਾ ਹੈ, ਜਿਸ ਨਾਲ ਪੰਜਾਬੀਆਂ ਵਿੱਚ ਨਿਰਾਸ਼ਾ ਪੈਦਾ ਹੋਣੀ ਸੁਭਾਵਿਕ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸਰਕਾਰਾਂ ਖੇਤਰੀ ਭਾਸ਼ਾਵਾਂ ਨੂੰ ਪ੍ਰਫੁੱਲਤ ਕਰਨ ਲਈ ਉਪਰਾਲੇ ਕਰਨ, ਪਰ ਹੋਇਆ ਇਸ ਦੇ ਉਲਟ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ, ਜਿਸ ‘ਤੇ ਸਰਕਾਰ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ ਅਤੇ ਪੰਜਾਬੀ ਬੁਲੇਟਿਨ ਨੂੰ ਪਹਿਲਾਂ ਵਾਂਗ ਖੁੱਲ੍ਹਾ ਰੱਖਣ ਦੇ ਹੁਕਮ ਦੇਣੇ ਚਾਹੀਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Exit mobile version