ਝੋਨੇ ਦੀ ਖਰੀਦ ਸੀਜ਼ਨ ਤੋਂ ਪਹਿਲਾਂ ਆੜ੍ਹਤੀਆ ਐਸੋਸੀਏਸ਼ਨਾਂ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰੇ
ਚੰਡੀਗੜ੍ਹ, 24 ਸਤੰਬਰ (ਅਜੀਤ ਬਿਊਰੋ)-
ਆੜ੍ਹਤੀਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਫਸਲ ਖਰੀਦ ਪ੍ਰਣਾਲੀ ਦਾ ਅਨਿੱਖੜਵਾਂ ਅੰਗ ਹਨ ਅਤੇ ਸਰਕਾਰ ਉਨ੍ਹਾਂ ਦੀ ਸਰਵਪੱਖੀ ਭਲਾਈ ਲਈ ਨੀਤੀਆਂ ਬਣਾਉਣ ਲਈ ਹਮੇਸ਼ਾ ਵਚਨਬੱਧ ਹੈ।
ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੀ ਕੇਂਦਰ ਸਰਕਾਰ ਨੇ ਆੜ੍ਹਤੀਆਂ ਦੇ ਕਮਿਸ਼ਨ ਵਿੱਚ 4.74 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਪੰਜਾਬ ਸਰਕਾਰ ਹੋਰ ਹਿੱਸੇਦਾਰਾਂ ਨਾਲ ਮਿਲ ਕੇ ਹਰ ਖਰੀਦ ਸੀਜ਼ਨ ਨੂੰ ਸਫਲ ਬਣਾਉਣ ਲਈ ਆੜ੍ਹਤੀਆਂ ਵੱਲੋਂ ਪਾਏ ਗਏ ਮਹੱਤਵਪੂਰਨ ਯੋਗਦਾਨ ਤੋਂ ਚੰਗੀ ਤਰ੍ਹਾਂ ਜਾਣੂ ਹੈ।
ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੜਿਆਂ, ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚਕ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਉਂਦੇ ਝੋਨੇ ਦੀ ਖਰੀਦ ਦੇ ਸੀਜ਼ਨ ਦੇ ਮੱਦੇਨਜ਼ਰ ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਵਿਜੇ ਕਾਲੜਾ ਅਤੇ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦੀ ਅਗਵਾਈ ਵਾਲੀ ਐਸੋਸੀਏਸ਼ਨਾਂ ਨਾਲ ਮੀਟਿੰਗ ਦੌਰਾਨ ਇਹ ਵਚਨਬੱਧਤਾ ਦੁਹਰਾਈ।
ਐਸੋਸੀਏਸ਼ਨਾਂ ਨੇ ਆਪਣੀਆਂ ਵੱਖ-ਵੱਖ ਮੰਗਾਂ ਪੇਸ਼ ਕੀਤੀਆਂ ਜਿਵੇਂ ਕਿ ਅਧਿਕਾਰੀਆਂ ਕੋਲ ਪਏ 55 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਜਾਵੇ ਅਤੇ ਭਵਿੱਖ ਵਿੱਚ ਈਪੀਐਫ ਯੋਗਦਾਨ ਦੀ ਕੋਈ ਕਟੌਤੀ ਨਹੀਂ ਕੀਤੀ ਜਾਵੇ। ਰਾਤ ਦੇ ਸਮੇਂ ਕੰਬਾਈਨਜ਼ ਦਾ ਸੰਚਾਲਨ ਨਾ ਕਰਨ ਬਾਰੇ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨਾ, ਇਹ ਯਕੀਨੀ ਬਣਾਉਣਾ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਦੂਜੇ ਰਾਜਾਂ ਤੋਂ ਝੋਨੇ ਦੀ ਵਿਕਰੀ ਬੰਦ ਹੋਵੇ, ਆਉਣ ਵਾਲੇ ਝੋਨੇ ਦੀ ਖਰੀਦ ਦੇ ਸੀਜ਼ਨ ਦੇ ਮੱਦੇਨਜ਼ਰ ਭੰਡਾਰਨ ਦੀ ਜਗ੍ਹਾ ਬਣਾਉਣ ਲਈ ਰਾਜ ਵਿੱਚ ਪਹਿਲਾਂ ਤੋਂ ਸਟੋਰ ਕੀਤੇ ਅਨਾਜ ਦੀ ਤੇਜ਼ੀ ਨਾਲ ਰਾਜ ਤੋਂ ਬਾਹਰ ਢੋਆ-ਢੁਆਈ ਨੂੰ ਯਕੀਨੀ ਬਣਾਇਆ ਜਾਵੇ।
ਮੀਟਿੰਗ ਵਿੱਚ ਹੋਰ ਮੁੱਦਿਆਂ ‘ਤੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਜਿਸ ਵਿੱਚ ਮੰਡੀਆਂ ਵਿੱਚ ਆੜ੍ਹਤੀਆਂ ਦੀਆਂ ਦੁਕਾਨਾਂ ਅਤੇ ਪਲਾਟਾਂ ਦੇ ਬਕਾਏ ‘ਤੇ ਲਗਾਏ ਗਏ ਜੁਰਮਾਨੇ ਦੇ ਮੁੱਦੇ ਨੂੰ ਹੱਲ ਕਰਨ ਲਈ ਵਨ ਟਾਈਮ ਸੈਟਲਮੈਂਟ (ਓ.ਟੀ.ਐਸ.) ਸਕੀਮ ਦੀ ਸ਼ੁਰੂਆਤ ਅਤੇ ਝੋਨੇ ਦੀ ਖਰੀਦ ਦੇ ਸੀਜ਼ਨ ਦੌਰਾਨ ਆਉਣ ਵਾਲੇ ਖੇਤੀ ਉਤਪਾਦਾਂ ਲਈ ਜਗ੍ਹਾ ਬਣਾਉਣ ਲਈ ਮੰਡੀਆਂ ਵਿੱਚ ਅਸਥਾਈ ਯਾਰਡਾਂ ਦੀ ਆਗਿਆ ਦੇਣਾ ਸ਼ਾਮਲ ਹੈ।
ਮੰਤਰੀਆਂ ਦੇ ਗਰੁੱਪ ਨੇ ਆੜ੍ਹਤੀਆ ਐਸੋਸੀਏਸ਼ਨਾਂ ਵੱਲੋਂ ਉਠਾਏ ਗਏ ਹਰੇਕ ਮੁੱਦੇ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਇਨ੍ਹਾਂ ਨੂੰ ਸਰਕਾਰ ਵਿੱਚ ਢੁਕਵੇਂ ਪੱਧਰ ‘ਤੇ ਚੁੱਕਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਾਇਰੈਕਟਰ ਖੁਰਾਕ ਸਪਲਾਈ ਅਜੈ ਵੀਰ ਸਿੰਘ ਸਰਾਓ ਵੀ ਮੌਜੂਦ ਸਨ।
