ਚੰਡੀਗੜ੍ਹ, 23 ਅਪ੍ਰੈਲ, 2023 – ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਪਸੰਦ ਲੋਕ ਹਨ ਜੋ ਵਿਕਾਸ ਚਾਹੁੰਦੇ ਹਨ। ਇਤਿਹਾਸ ਗਵਾਹ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦੀ ਫਿਰਕੂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਹ ਕਦੇ ਵੀ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਏ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ‘ਤੇ ਪ੍ਰਤੀਕਰਮ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਕਿਹਾ ਕਿ ਅਜਨਾਲਾ ਕਾਂਡ ਦੌਰਾਨ ਸਾਡੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦੇ ਸਰੂਪ ਨੂੰ ਪੁਲਿਸ ਹਿਰਾਸਤ ‘ਚੋਂ ਛੁਡਾਉਣ ਲਈ ਢਾਲ ਵਜੋਂ ਵਰਤਿਆ ਗਿਆ ਸੀ। ਜਦਕਿ ਇਹ ਸਭ ਕਾਨੂੰਨੀ ਪ੍ਰਕਿਰਿਆ ਰਾਹੀਂ ਕੀਤਾ ਜਾ ਸਕਦਾ ਸੀ। ਇਹ ਪੰਜਾਬ ਪੁਲਿਸ ਹੀ ਸੀ ਜਿਸ ਨੇ ਪੂਰੀ ਸਥਿਤੀ ਨੂੰ ਇਮਾਨਦਾਰੀ, ਸੰਵੇਦਨਸ਼ੀਲਤਾ ਅਤੇ ਸਮਝਦਾਰੀ ਨਾਲ ਨਜਿੱਠਿਆ। ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਬਿਨਾਂ ਕਿਸੇ ਗੋਲੀਬਾਰੀ ਜਾਂ ਲਾਠੀਚਾਰਜ ਤੋਂ ਪੂਰੀ ਸਥਿਤੀ ਨੂੰ ਸ਼ਾਂਤ ਕੀਤਾ। ਉਨ੍ਹਾਂ ਕਿਸੇ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਪਮਾਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਕਿਉਂਕਿ ਉਹ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਕੰਮ ਕਰ ਰਹੇ ਸਨ, ਜਿਨ੍ਹਾਂ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਸਨ ਕਿ ਕਿਸੇ ਵੀ ਧਰਮ ਜਾਂ ਫਿਰਕੇ ਦੀਆਂ ਭਾਵਨਾਵਾਂ ਨੂੰ ਠੇਸ ਨਾ ਪਹੁੰਚਾਈ ਜਾਵੇ। ਚੀਮਾ ਨੇ ਅੱਗੇ ਕਿਹਾ ਕਿ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਕਾਨੂੰਨ ਦਾ ਸਾਹਮਣਾ ਕਰਨ ਦੀ ਬਜਾਏ ਪੰਜਾਬ ਪੁਲਿਸ ਤੋਂ ਭੱਜ ਗਿਆ ਸੀ। 36 ਦਿਨਾਂ ਤੱਕ ਚੱਲੇ ਆਪ੍ਰੇਸ਼ਨ ਤੋਂ ਬਾਅਦ ਅੱਜ ਪੰਜਾਬ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਅਜਨਾਲਾ ਕਾਂਡ ਵਰਗਾ ਸਟੰਟ ਕੱਢਣ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਹੁਨਰਮੰਦੀ ਨਾਲ ਕੰਮ ਕੀਤਾ। ਚੀਮਾ ਨੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ‘ਤੇ ਵੀ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਈਸ਼ਨਿੰਦਾ ਦੀਆਂ ਕਈ ਘਟਨਾਵਾਂ ਵਾਪਰੀਆਂ ਅਤੇ ਗੋਲੀਬਾਰੀ ‘ਚ ਲੋਕ ਮਾਰੇ ਗਏ | ਪਰ ਇਹ ਆਮ ਆਦਮੀ ਪਾਰਟੀ ਦੀ ਧਰਮ ਨਿਰਪੱਖ ਸਰਕਾਰ ਹੈ, ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ। ਚੀਮਾ ਨੇ ਕਿਹਾ ਕਿ ਪੰਜਾਬ ਦੀ ਫਿਰਕੂ ਸ਼ਾਂਤੀ ਸਾਡੀ ਤਰਜੀਹ ਹੈ। ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਲਈ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਚੀਮਾ ਨੇ ਪੰਜਾਬ ਸਰਕਾਰ ‘ਤੇ ਭਰੋਸਾ ਕਰਨ ਅਤੇ ਸਮਰਥਨ ਦੇਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਇਸ ਪੂਰੇ ਆਪ੍ਰੇਸ਼ਨ ਦੌਰਾਨ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰੀ। ਉਨ੍ਹਾਂ ਲੋਕਾਂ ਨੂੰ ‘ਆਪ’ ਸਰਕਾਰ ਦਾ ਸਮਰਥਨ ਜਾਰੀ ਰੱਖਣ ਲਈ ਕਿਹਾ ਅਤੇ ਕਿਹਾ ਕਿ ਅਸੀਂ ਆਪਣੇ ਲੋਕਾਂ ਦੇ ਸਹਿਯੋਗ ਨਾਲ ਹੀ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖ ਸਕਦੇ ਹਾਂ। ਸਾਡੇ ਰਾਜ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ‘ਤੇ ਅੱਗੇ ਵਧਾਉਣ ਲਈ ਸ਼ਾਂਤੀ ਜ਼ਰੂਰੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।