ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਮਾਮਲੇ ਦੀ ਅਗਲੀ ਸੁਣਵਾਈ 11 ਅਪ੍ਰੈਲ ਨੂੰ ਹੋਵੇਗੀ ਚੰਡੀਗੜ੍ਹ: ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਮੰਗਲਵਾਰ (28 ਮਾਰਚ) ਨੂੰ ਸੁਣਵਾਈ ਹੋਈ। ਪੰਜਾਬ ਸਰਕਾਰ ਦੀ ਤਰਫੋਂ ਐਡਵੋਕੇਟ ਜਨਰਲ ਵਿਨੋਦ ਘਈ ਨੇ ਹਲਫਨਾਮਾ ਦਾਇਰ ਕੀਤਾ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਪੇਸ਼ ਹੋਏ ਵਕੀਲ ਨੇ ਆਪਣਾ ਜਵਾਬ ਦਾਇਰ ਨਹੀਂ ਕੀਤਾ ਜਦਕਿ ਉਸ ਨੇ ਇਸ ਮਾਮਲੇ ਵਿੱਚ ਜਵਾਬ ਦੇਣ ਲਈ ਹੋਰ ਸਮਾਂ ਮੰਗਿਆ ਹੈ। ਵਕੀਲ ਨੇ ਕਿਹਾ ਕਿ ਉਹ ਤਸਦੀਕ ਤੋਂ ਬਾਅਦ ਸਬੂਤ ਅਦਾਲਤ ਵਿੱਚ ਪੇਸ਼ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਸਬੂਤ ਇੱਕ ਦਿਨ ਵਿੱਚ ਪੇਸ਼ ਨਹੀਂ ਕੀਤੇ ਜਾ ਸਕਦੇ ਜਿਸ ਲਈ ਹੋਰ ਸਮਾਂ ਚਾਹੀਦਾ ਹੈ। ਅਦਾਲਤ ਨੇ ਦੋਵਾਂ ਪੱਖਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 11 ਅਪ੍ਰੈਲ ਨੂੰ ਤੈਅ ਕੀਤੀ ਹੈ।