ਸਰਕਾਰ ਨੇ ‘ਜਗਤ ਜਯੋਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਦੀਆਂ ਕੁਝ ਧਾਰਾਵਾਂ ਅਤੇ ਉਪਬੰਧਾਂ ‘ਤੇ ਉਠਾਏ ਗਏ ਇਤਰਾਜ਼ਾਂ ਨੂੰ ਹੱਲ ਕਰਨ ਦੀ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਐਕਟ ਵਿੱਚ ਪ੍ਰਸਤਾਵਿਤ ਸੋਧਾਂ ‘ਤੇ 7 ਮੈਂਬਰੀ ਉੱਚ ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਮੀਟਿੰਗ ਦੌਰਾਨ ਕਾਨੂੰਨ ਦੀਆਂ ਧਾਰਾਵਾਂ ‘ਤੇ ਉਠਾਏ ਗਏ ਇਤਰਾਜ਼ਾਂ, ਉਨ੍ਹਾਂ ਦੇ ਕਾਨੂੰਨੀ ਪਹਿਲੂਆਂ ਅਤੇ ਅਗਲੀ ਕਾਰਵਾਈ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ।
ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੇ ਐਕਟ ਸਬੰਧੀ ਆਪਣੇ ਸੁਝਾਅ ਦਿੱਤੇ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਐਕਟ ਦੇ ਕੁਝ ਉਪਬੰਧਾਂ ਨਾਲ ਸਾਹਮਣੇ ਆਏ ਇਤਰਾਜ਼ਾਂ ਨੂੰ ਦੂਰ ਕਰਨ ਦੀ ਲੋੜ ਹੈ। ਇਸ ਲਈ ਕਾਨੂੰਨੀ ਮਾਹਰਾਂ ਦੀ ਸਲਾਹ ਲੈ ਕੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਕਾਨੂੰਨ ਦੇ ਉਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ। ਕਮੇਟੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਰਿਆਦਾ ਨਾਲ ਸਬੰਧਤ ਇਸ ਕਾਨੂੰਨ ਵਿੱਚ ਕੋਈ ਕਾਨੂੰਨੀ ਕਮੀ ਨਹੀਂ ਹੋਣੀ ਚਾਹੀਦੀ। ਪ੍ਰਸਤਾਵਿਤ ਸੋਧਾਂ ਨੂੰ ਵੀ ਸੰਵਿਧਾਨਕ ਅਤੇ ਕਾਨੂੰਨੀ ਪ੍ਰਬੰਧਾਂ ਅਨੁਸਾਰ ਤਿਆਰ ਕਰਨ ਬਾਰੇ ਵਿਚਾਰਿਆ ਗਿਆ। ਸਰਕਾਰ ਵੱਲੋਂ ਗਠਿਤ ਕੀਤੀ ਗਈ 7 ਮੈਂਬਰੀ ਕਮੇਟੀ ਵਿੱਚ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਸੇਵਾਮੁਕਤ) ਜਸਪਾਲ ਸਿੰਘ, ਜਸਟਿਸ (ਸੇਵਾਮੁਕਤ) ਗੁਰਬੀਰ ਸਿੰਘ, ਆਈਪੀਐਸ (ਸੇਵਾਮੁਕਤ) ਜਤਿੰਦਰ ਸਿੰਘ ਔਲਖ ਅਤੇ ਕਾਨੂੰਨ ਅਫ਼ਸਰ ਪ੍ਰੀਤ ਇੰਦਰਪਾਲ ਸਿੰਘ ਸ਼ਾਮਲ ਹਨ। ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੇ ਗਏ ਪੈਨਲ ਨਾਲ ਸਲਾਹ ਮਸ਼ਵਰਾ ਕਰਕੇ ਐਕਟ ਵਿੱਚ ਲੋੜੀਂਦੀਆਂ ਸੋਧਾਂ ਕਰਨ ਦੀ ਪ੍ਰਕਿਰਿਆ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਹ ਕਮੇਟੀ ਕਾਨੂੰਨ ਦੀਆਂ ਵੱਖ-ਵੱਖ ਵਿਵਸਥਾਵਾਂ ਦਾ ਜਾਇਜ਼ਾ ਲਵੇਗੀ ਅਤੇ ਸਰਕਾਰ ਨੂੰ ਸੁਝਾਅ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਕਾਨੂੰਨ ਬਣਾਉਣਾ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਮਾਣ ਦੀ ਰਾਖੀ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਸੋਧਾਂ ‘ਤੇ ਅਗਲੇਰੀ ਕਾਰਵਾਈ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਜਾਵੇਗੀ।
ਇਸ ਲੇਖ ਵਿੱਚ ਰਾਏ / ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ. ਜੇ ਤੁਹਾਨੂੰ ਇਸ ਲੇਖ ਨਾਲ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਸੰਪਰਕ ਕਰੋ ਪੰਨੇ ਨਾਲ ਸੰਪਰਕ ਕਰੋ.
