ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ’ਤੇ ਹੋ ਰਹੇ ਹਮਲਿਆਂ ਦੀ ਸਖ਼ਤ ਨਿਖੇਧੀ ਕੀਤੀ ਹੈ। ਦਫ਼ਤਰ ਸ਼੍ਰੋਮਣੀ ਕਮੇਟੀ ਵੱਲੋਂ ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਵਿੱਚ ਸਿੱਖ ਦੁਕਾਨਦਾਰ ਸ. ਮਨਮੋਹਨ ਸਿੰਘ ਦੀ ਗੋਲੀ ਨਾਲ ਮੌਤ ਬਹੁਤ ਮੰਦਭਾਗੀ ਘਟਨਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਸਰਕਾਰ ਨੂੰ ਗੰਭੀਰ ਹੋਣਾ ਚਾਹੀਦਾ ਹੈ। ਦੋ ਦਿਨਾਂ ‘ਚ ਸਿੱਖਾਂ ‘ਤੇ ਹਮਲੇ ਦੀ ਇਹ ਦੂਜੀ ਘਟਨਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪਾਕਿਸਤਾਨ ਵਿੱਚ ਇਸ ਤੋਂ ਪਹਿਲਾਂ ਵੀ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਜੇਕਰ ਸਰਕਾਰ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਹੁੰਦੀਆਂ ਤਾਂ ਅਜਿਹਾ ਮੁੜ ਨਾ ਵਾਪਰਦਾ। ਪਾਕਿਸਤਾਨ ਸਰਕਾਰ ਤੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਸਿੱਖ ਦੁਕਾਨਦਾਰ ਸ. ਮਨਮੋਹਨ ਸਿੰਘ ਦਾ ਕਤਲ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਭਾਰਤ ਦੇ ਵਿਦੇਸ਼ ਮੰਤਰੀ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ‘ਤੇ ਇਸ ਮਾਮਲੇ ਵਿੱਚ ਪਾਕਿਸਤਾਨ ਸਰਕਾਰ ਨੂੰ ਸਖ਼ਤ ਇਤਰਾਜ਼ ਪ੍ਰਗਟਾਉਣ ਅਤੇ ਭਵਿੱਖ ਵਿੱਚ ਸਿੱਖਾਂ ਦੀ ਜਾਨ-ਮਾਲ ਦੀ ਰਾਖੀ ਲਈ ਯੋਗ ਕਦਮ ਚੁੱਕਣ ਲਈ ਕਹਿਣ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
