
ਪੰਜਾਬ ਦੇ ਕਪੂਰਥਲਾ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੋਂ ਦੇ ਸਿਵਲ ਹਸਪਤਾਲ ਵਿੱਚ ਇਲਾਜ ਅਧੀਨ ਇੱਕ ਔਰਤ ਦਾ ਉਸ ਦੇ ਪਤੀ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਤੀ ਨੂੰ ਆਪਣੀ ਪਤਨੀ ‘ਤੇ ਸ਼ੱਕ ਸੀ। ਜਿਸ ਕਾਰਨ ਉਸ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਉਸ ਦਾ ਕਤਲ ਕਰ ਦਿੱਤਾ। ਹਾਲਾਂਕਿ ਔਰਤ ਨੇ ਚਾਰ ਦਿਨ ਪਹਿਲਾਂ ਲੜਕੇ ਨੂੰ ਜਨਮ ਦਿੱਤਾ ਸੀ। ਘਟਨਾ ਤੋਂ ਬਾਅਦ ਸਿਵਲ ਹਸਪਤਾਲ ਪੁਲਸ ਨੂੰ ਸੂਚਿਤ ਕੀਤਾ ਗਿਆ ਅਤੇ ਦੋਸ਼ੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।
ਮਿਲੀ ਜਾਣਕਾਰੀ ਦੇ ਮੁਤਾਬਿਕ ਬਲਜਿੰਦਰ ਕੌਰ (24) ਪਤਨੀ ਮਨਜੀਤ ਸਿੰਘ ਵਾਸੀ ਪਿੰਡ ਕੇਸਰਪੁਰ ਨੂੰ 1 ਜੂਨ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਗਾਇਨੀਕੋਲਾਜੀ ਵਾਰਡ ‘ਚ ਦਾਖਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਔਰਤ ਨੇ ਸੀਜੇਰੀਅਨ ਕਰ ਕੇ ਬੱਚੇ ਨੂੰ ਜਨਮ ਦਿੱਤਾ। ਸੂਤਰਾਂ ਮੁਤਾਬਕ ਜੋੜੇ ਨੇ ਕੁਝ ਸਾਲ ਪਹਿਲਾਂ ਲਵ ਮੈਰਿਜ ਕੀਤੀ ਸੀ ਅਤੇ ਉਨ੍ਹਾਂ ਦਾ ਇਕ ਬੇਟਾ ਹੈ।
ਮੌਕੇ ‘ਤੇ ਪਹੁੰਚੇ ਸਬ ਡਵੀਜ਼ਨ ਸੁਰਿੰਦਰ ਸਿੰਘ ਨੇ ਦੱਸਿਆ ਕਿ ਮਨਜੀਤ ਸਿੰਘ ਨੇ ਸ਼ਨੀਵਾਰ ਸ਼ਾਮ ਕਰੀਬ 6 ਵਜੇ ਸਿਵਲ ਹਸਪਤਾਲ ਦੇ ਗੈਨੀ ਵਾਰਡ ਦੇ ਨਿੱਜੀ ਕਮਰੇ-4 ‘ਚ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਦੋਸ਼ੀ ਨੂੰ ਹਿਰਾਸਤ ‘ਚ ਲੈ ਲਿਆ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮ ਮਨਜੀਤ ਸਿੰਘ ਨੂੰ ਆਪਣੀ ਪਤਨੀ ’ਤੇ ਸ਼ੱਕ ਸੀ। ਇਸੇ ਕਾਰਨ ਉਸ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
