ਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਨੇ ਟਿਊਬਵੈੱਲਾਂ ਦੀ ਫ਼ੀਸ 4750 ਤੋਂ ਘਟਾ ਕੇ 2500 ਰੁਪਏ ਕੀਤੀ
ਸਾਡਾ ਟੀਚਾ ਖੇਤੀ ਨੂੰ ਲਾਹੇਵੰਦ ਬਣਾਉਣਾ: ਭਗਵੰਤ ਮਾਨ
ਚੰਡੀਗੜ੍ਹ, 9 ਜੂਨ:
ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਟਿਊਬਵੈੱਲਾਂ ਦਾ ਲੋਡ ਮੌਜੂਦਾ 4750 ਰੁਪਏ ਤੋਂ ਘਟਾ ਕੇ 2500 ਰੁਪਏ ਕਰਨ ਦਾ ਐਲਾਨ ਕੀਤਾ ਹੈ।
ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੀ ਆਪਣੀ ਸਰਕਾਰ ਦਾ ਸਾਡੇ ਸੂਬੇ ਦੇ ਅਨਾਜ ਉਤਪਾਦਕਾਂ ਲਈ ਇੱਕ ਛੋਟਾ ਤੋਹਫ਼ਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਬੁਨਿਆਦੀ ਤੌਰ ‘ਤੇ ਖੇਤੀ ਆਧਾਰਿਤ ਆਰਥਿਕਤਾ ਰਿਹਾ ਹੈ ਅਤੇ ਇਸ ਦੀ ਆਬਾਦੀ ਦਾ ਵੱਡਾ ਹਿੱਸਾ ਖੇਤੀਬਾੜੀ ‘ਤੇ ਨਿਰਭਰ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਅੱਜ ਕੱਲ੍ਹ ਕਿਸਾਨ ਨਹੀਂ ਚਾਹੁੰਦਾ ਕਿ ਉਸ ਦਾ ਪੁੱਤਰ ਖੇਤੀ ਕਰੇ, ਕਿਉਂਕਿ ਖੇਤੀ ਵਿੱਚ ਆਮਦਨ ਘਟਦੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਰੁਝਾਨ ਨੂੰ ਬਦਲਣ ਦੀ ਲੋੜ ਹੈ, ਜਿਸ ਲਈ ਕਿਸਾਨਾਂ ਦੇ ਖਰਚੇ ਘਟਾਉਣੇ ਪੈਣਗੇ, ਜਿਸ ਨਾਲ ਖੇਤੀ ਲਾਹੇਵੰਦ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਟਿਊਬਵੈੱਲਾਂ ਦਾ ਲੋਡ ਵਧਾਉਣ ਲਈ ਵੱਡੀਆਂ ਫੀਸਾਂ ਅਦਾ ਕਰਨ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਇਹ ਫੀਸ ਕਰੀਬ 50 ਫੀਸਦੀ ਘਟਾਈ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਸ ਨਾਲ ਸੂਬੇ ਦੇ ਮਿਹਨਤੀ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ, ਜਿਨ੍ਹਾਂ ਨੇ ਦੇਸ਼ ਦੇ ਅਨਾਜ ਭੰਡਾਰ ਵਿੱਚ ਅਹਿਮ ਯੋਗਦਾਨ ਪਾ ਕੇ ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਖੇਤੀ ਨੂੰ ਹੋਰ ਲਾਹੇਵੰਦ ਬਣਾਉਣ ਲਈ ਇਸ ਦਿਸ਼ਾ ਵਿੱਚ ਹੋਰ ਕਦਮ ਚੁੱਕੇ ਜਾਣਗੇ।
The post ਕਿਸਾਨਾਂ ਨੂੰ ਵੱਡੀ ਰਾਹਤ: ਮੁੱਖ ਮੰਤਰੀ ਨੇ ਟਿਊਬਵੈੱਲਾਂ ਦਾ ਲੋਡ 4750 ਤੋਂ ਘਟਾ ਕੇ 2500 ਰੁਪਏ ਕਰਨ ਦੀ ਕੀਤੀ ਫੀਸ appeared first on