ਚੰਡੀਗੜ੍ਹ, 26 ਅਪ੍ਰੈਲ, 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਛੱਤੀਸਗੜ੍ਹ ਦੇ ਦਾਂਤੇਵਾੜਾ ਵਿੱਚ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ ਜਿਸ ਵਿੱਚ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਦੇ ਹੋਏ 11 ਜਵਾਨ ਸ਼ਹੀਦ ਹੋ ਗਏ ਸਨ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਹਮਲੇ ਨੂੰ ਲੋਕਾਂ ਦੇ ਮਨਾਂ ਵਿੱਚ ਦਹਿਸ਼ਤ ਪੈਦਾ ਕਰਨ ਲਈ ਘਿਨਾਉਣੀ ਕਾਰਵਾਈ ਦੱਸਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਅਣਮਨੁੱਖੀ ਅਤੇ ਵਹਿਸ਼ੀ ਕਾਰੇ ਦੀ ਸਾਰਿਆਂ ਨੂੰ ਸਖ਼ਤ ਨਿਖੇਧੀ ਕਰਨੀ ਚਾਹੀਦੀ ਹੈ। ਹਿੰਸਾ ਦੀ ਇਸ ਬੇਤੁਕੀ ਕਾਰਵਾਈ ‘ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਨੂੰ ਨਕਸਲਵਾਦ ਦੀ ਸਮੱਸਿਆ ਨਾਲ ਨਜਿੱਠਣ ਲਈ ਵਿਆਪਕ ਨੀਤੀ ਬਣਾਉਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਨਕਸਲੀ ਹਿੰਸਾ ਵਿੱਚ ਵਾਧਾ ਹੋਇਆ ਹੈ ਅਤੇ ਕਈ ਮਾਸੂਮ ਜਾਨਾਂ ਚਲੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਮੰਦਭਾਗਾ ਵਰਤਾਰਾ ਹੈ ਕਿ ਕਈ ਰਾਜਾਂ ਵਿੱਚ ਇਸ ਸਮੱਸਿਆ ਨਾਲ ਨਜਿੱਠਣ ਵਿੱਚ ਲੱਗੇ ਸੁਰੱਖਿਆ ਬਲਾਂ ਨੂੰ ਅਕਸਰ ਨਕਸਲੀਆਂ ਦੀਆਂ ਕਾਰਵਾਈਆਂ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਭਗਵੰਤ ਮਾਨ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਇਸ ਸਮੱਸਿਆ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਸ ਮੁੱਦੇ ਨਾਲ ਨਜਿੱਠਣ ਲਈ ਕਿਸੇ ਵੀ ਯਤਨ ਲਈ ਪੂਰਾ ਸਹਿਯੋਗ ਦੇਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।