11 ਜੂਨ, ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਦੇ ਕੈਥਲ ਵਿਖੇ ਇੱਕ ਸਿੱਖ ਦੀ ਨਫ਼ਰਤ ਭਰੀ ਕੁੱਟਮਾਰ ਦਾ ਸਖ਼ਤ ਨੋਟਿਸ ਲੈਂਦਿਆਂ ਪੁਲਿਸ ਪ੍ਰਸ਼ਾਸਨ ਨੂੰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਘਟਨਾ ਨੇ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਇਸ ਲਈ ਹਰਿਆਣਾ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਬੇ ਵਿੱਚ ਵਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦੇਖਣ ਵਿੱਚ ਆ ਰਿਹਾ ਹੈ ਕਿ ਭਾਰਤ ਦੇਸ਼ ਵਿੱਚ ਸਿੱਖਾਂ ਵਿਰੁੱਧ ਲਗਾਤਾਰ ਨਫ਼ਰਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਰਾਜਾਂ ਵਿੱਚ ਬਿਨਾਂ ਕਿਸੇ ਕਾਰਨ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਦੇਸ਼ ਦੇ ਹਰ ਵਰਗ, ਹਰ ਧਰਮ ਅਤੇ ਹਰ ਭਾਈਚਾਰੇ ਦੇ ਲੋਕਾਂ ਦੀ ਧਾਰਮਿਕ ਆਜ਼ਾਦੀ ਅਤੇ ਅਧਿਕਾਰਾਂ ਦੀ ਰਾਖੀ ਕਰਨਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਦੇਸ਼ ਦੇ ਸੰਵਿਧਾਨ ਦੇ ਖਿਲਾਫ ਜਾ ਕੇ ਨਫਰਤ ਭਰਿਆ ਅਤੇ ਫਿਰਕੂ ਮਾਹੌਲ ਪੈਦਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਕੈਥਲ ਦੇ ਰਹਿਣ ਵਾਲੇ ਸ. ਸੁਖਵਿੰਦਰ ਸਿੰਘ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਹਿਰ ਦੇ ਨੇੜੇ ਰੋਕ ਕੇ ਕੁੱਟਮਾਰ ਕਰਨਾ ਦੇਸ਼ ਅੰਦਰ ਵੱਧ ਰਹੀ ਨਫ਼ਰਤੀ ਹਿੰਸਾ ਦਾ ਪ੍ਰਗਟਾਵਾ ਹੈ, ਜਿਸ ਨੂੰ ਲੈ ਕੇ ਹਰਿਆਣਾ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਵਰਤਾਰੇ ਨੂੰ ਗੰਭੀਰਤਾ ਨਾਲ ਲੈਣ ਕਿਉਂਕਿ ਐਸ. ਕਾਰਵਾਈਆਂ ਰਾਸ਼ਟਰੀ ਹਿੱਤ ਵਿੱਚ ਨਹੀਂ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਕੈਥਲ ਵਿੱਚ ਇੱਕ ਸਿੱਖ ਦੀ ਕੁੱਟਮਾਰ ਦੇ ਮਾਮਲੇ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀਆਂ ਹਦਾਇਤਾਂ ਅਨੁਸਾਰ ਕੈਥਲ ਦੇ ਪੁਲਿਸ ਕਪਤਾਨ ਨੂੰ ਇੱਕ ਈ-ਮੇਲ ਭੇਜ ਕੇ ਦੋਸ਼ੀਆਂ ਖਿਲਾਫ਼ ਬਣਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।