ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲ ਕੇ ਵੱਡੀ ਧਮਕੀ ਦੇ ਸਕਦੇ ਹਨ। ਸੂਤਰਾਂ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਸਾਬਕਾ ਭ੍ਰਿਸ਼ਟ ਮੰਤਰੀਆਂ ਤੇ ਵਿਧਾਇਕਾਂ ਦੀ ਸੂਚੀ ਸੌਂਪ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਸੂਚੀ ‘ਚ ਖਾਸ ਤੌਰ ‘ਤੇ ਪਿਛਲੀ ਸਰਕਾਰ ਦੇ ਉਹ ਨੇਤਾ ਸ਼ਾਮਲ ਹਨ, ਜਿਨ੍ਹਾਂ ਦੇ ਨਾਂ ਗੈਰ-ਕਾਨੂੰਨੀ ਮਾਈਨਿੰਗ ‘ਚ ਸਾਹਮਣੇ ਆਏ ਹਨ। ਕੈਪਟਨ ਦੇ ਇਸ ਕਦਮ ਨੇ ਕਾਂਗਰਸੀ ਖੇਮੇ ਵਿੱਚ ਹਲਚਲ ਮਚਾ ਦਿੱਤੀ ਹੈ। ਦੂਜੇ ਪਾਸੇ ਭਗਵੰਤ ਮਾਨ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਭ੍ਰਿਸ਼ਟਾਚਾਰੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਕੋਲ ਗੈਰ-ਕਾਨੂੰਨੀ ਮਾਈਨਿੰਗ ‘ਚ ਸ਼ਾਮਲ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਵਾਂ ਦੀ ਸੂਚੀ ਹੈ। ਜੇਕਰ ਮੁੱਖ ਮੰਤਰੀ ਭਗਵੰਤ ਮਾਨ ਕਹਿਣਗੇ ਤਾਂ ਉਹ ਸੂਚੀ ਉਨ੍ਹਾਂ ਨੂੰ ਜ਼ਰੂਰ ਸੌਂਪ ਦੇਣਗੇ। ਕੈਪਟਨ ਦਾ ਇਹ ਬਿਆਨ ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਭ੍ਰਿਸ਼ਟ ਮੰਤਰੀਆਂ ਦਾ ਨਾਂ ਲੈਣ ਲਈ ਕਹਿਣ ਤੋਂ ਬਾਅਦ ਆਇਆ ਹੈ। ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨੂੰ ਮਿਲ ਕੇ ਦਾਗੀ ਆਗੂਆਂ ਦਾ ਪਰਦਾਫਾਸ਼ ਕਰਨ ਜਾ ਰਹੇ ਹਨ ਤਾਂ ਦੇਖਣਾ ਇਹ ਹੋਵੇਗਾ ਕਿ ਸੂਚੀ ਵਿੱਚ ਕਿਹੜੇ-ਕਿਹੜੇ ਆਗੂ ਸਾਹਮਣੇ ਆਉਂਦੇ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਖ਼ਿਲਾਫ਼ ਕੀ ਕਾਰਵਾਈ ਕਰੇਗੀ।