ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਦੇ ਜ਼ਮੀਨ ਘੁਟਾਲੇ ਦੀ ਜਾਂਚ ਟੀਮ ਦੀ ਰਿਪੋਰਟ ਵੀਰਵਾਰ ਸ਼ਾਮ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਚਾਇਤ ਵਿਭਾਗ ਵੱਲੋਂ 20 ਮਈ ਨੂੰ ਤਿੰਨ ਮੈਂਬਰੀ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ, ਇਸ ਟੀਮ ਵੱਲੋਂ ਜਾਂਚ ਮੁਕੰਮਲ ਕਰ ਲਈ ਗਈ ਹੈ, ਜਿਸ ਦੀ ਰਿਪੋਰਟ ਅਗਲੇਰੀ ਕਾਰਵਾਈ ਲਈ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਗਈ ਹੈ।
ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪਿੰਡ ਭਗਤੂਪੁਰਾ ਦੀ ਪੰਚਾਇਤ ਨੇ ਆਪਣੀ ਜ਼ਮੀਨ ਅਲਫ਼ਾ ਇੰਟਰਨੈਸ਼ਨਲ ਸਿਟੀ ਨੂੰ ਵੇਚ ਦਿੱਤੀ ਸੀ। ਜਦੋਂ ਸਰਕਾਰ ਬਣੀ ਤਾਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਇਸ ਜ਼ਮੀਨ ਨੂੰ ਵੇਚਣ ਲਈ ਸਰਕਾਰ ਤੋਂ ਕਰੋੜਾਂ ਰੁਪਏ ਵਸੂਲੇ ਗਏ ਹਨ ਅਤੇ ਹੋਰ ਵੀ ਕਈ ਤਕਨੀਕੀ ਤਰੁੱਟੀਆਂ ਪਾਈਆਂ ਗਈਆਂ ਹਨ।
ਉਨ੍ਹਾਂ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਮਾਮਲੇ ਨੂੰ ਨਿਰਪੱਖਤਾ ਨਾਲ ਦੇਖਣ ਲਈ ਵਿਭਾਗ ਦੇ ਤਿੰਨ ਸੀਨੀਅਰ ਅਧਿਕਾਰੀਆਂ ’ਤੇ ਆਧਾਰਿਤ ਤਿੰਨ ਮੈਂਬਰੀ ਕਮੇਟੀ ਬਣਾਉਣ ਲਈ ਕਿਹਾ। ਜਾਂਚ ਟੀਮ ਨੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਕੇ ਰਿਪੋਰਟ ਤਿਆਰ ਕੀਤੀ ਹੈ ਜੋ ਮੁੱਖ ਮੰਤਰੀ ਨੂੰ ਸੌਂਪ ਦਿੱਤੀ ਗਈ ਹੈ।