ਚੰਡੀਗੜ੍ਹ, 22 ਜੁਲਾਈ:
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਨਿਸ਼ਾਨੇਬਾਜ਼ ਅੰਜੁਮ ਮੌਦਗਿਲ ਨੂੰ ਵਿਸ਼ਵ ਕੱਪ ਵਿੱਚ ਦੋ ਕਾਂਸੀ ਦੇ ਤਗਮੇ ਜਿੱਤਣ ’ਤੇ ਨਿੱਜੀ ਤੌਰ ’ਤੇ ਵਧਾਈ ਦਿੱਤੀ ਹੈ। ਮੰਤਰੀ ਅੰਜੁਮ ਨੂੰ ਦੋ ਤਗਮੇ ਜਿੱਤਣ ਅਤੇ ਵਿਸ਼ਵ ਵਿੱਚ ਨੰਬਰ ਇੱਕ ਰੈਂਕਿੰਗ ਹਾਸਲ ਕਰਨ ‘ਤੇ ਵਧਾਈ ਦੇਣ ਲਈ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮਿਲੇ। ਨਿਸ਼ਾਨੇਬਾਜ਼ ਨੇ 50 ਮੀਟਰ ਰਾਈਫਲ 3 ਪੁਜ਼ੀਸ਼ਨ ਵਿਅਕਤੀਗਤ ਅਤੇ ਟੀਮ ਮੁਕਾਬਲਿਆਂ ਵਿੱਚ ਕਾਂਸੀ ਦਾ ਤਗਮਾ ਜਿੱਤਿਆ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਖੇਡ ਖੇਤਰ ਵਿੱਚ ਸੂਬੇ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਨੀਤੀ ਵਿੱਚ ਬਦਲਾਅ ਕਰਨ ਬਾਰੇ ਵਿਚਾਰ ਕਰ ਰਹੀ ਹੈ।
ਅੰਜੁਮ ਮੌਦਗਿਲ ਦੀ ਸ਼ਲਾਘਾ ਕਰਦੇ ਹੋਏ ਮੰਤਰੀ ਨੇ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ 2024 ਪੈਰਿਸ ਓਲੰਪਿਕ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੇਡਾਂ ਰਾਜ ਕਮਲ ਚੌਧਰੀ ਅਤੇ ਡਾਇਰੈਕਟਰ ਸਪੋਰਟਸ ਰਾਜੇਸ਼ ਧੀਮਾਨ ਵੀ ਹਾਜ਼ਰ ਸਨ।