ਅੰਮ੍ਰਿਤਸਰ, 8 ਜਨਵਰੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਪਿਛਲੇ ਦਿਨੀਂ ਵਾਪਰੀ ਗੋਲੀ ਕਾਂਡ ਦੀ ਘਟਨਾ ਲਈ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਪੰਜ ਮੈਂਬਰੀ ਜਾਂਚ ਕਮੇਟੀ ਨੇ ਸਿੱਧੇ ਤੌਰ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਅੱਜ ਇੱਥੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਕਤ ਜਾਂਚ ਕਮੇਟੀ ਦੀ ਰਿਪੋਰਟ ਜਨਤਕ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀ ਵੀ ਹਨ। ਇਸ ਲਈ ਗੁਰਦੁਆਰਾ ਕਾਲ ਬੁੰਗਾ ਸਾਹਿਬ ਵਿਖੇ ਪੁਲਿਸ ਵਲੋਂ ਜੁੱਤੀਆਂ ਸਮੇਤ ਦਾਖ਼ਲ ਹੋ ਕੇ ਮਰਿਆਦਾ ਭੰਗ ਕਰਨਾ ਅਤੇ ਬਿਨਾਂ ਵਜ੍ਹਾ ਆਟੋਮੈਟਿਕ ਹਥਿਆਰਾਂ ਨਾਲ ਗੋਲੀ ਚਲਾਉਣਾ, ਸਿੱਧੇ ਤੌਰ ’ਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਹ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਸੌਂਪ ਦਿੱਤੀ ਗਈ ਹੈ, ਜਿਨ੍ਹਾਂ ਵਲੋਂ ਇਸ ’ਤੇ ਵਿਚਾਰ ਉਪਰੰਤ ਫ਼ੈਸਲਾ ਲਿਆ ਜਾਵੇਗਾ ਪਰ ਸ਼੍ਰੋਮਣੀ ਕਮੇਟੀ ਵਲੋਂ ਇਹ ਰਿਪੋਰਟ ਸੰਗਤਾਂ ਦੀ ਜਾਣਕਾਰੀ ਦੇ ਲਈ ਜਨਤਕ ਕਰ ਦਿੱਤੀ ਗਈ ਹੈ। ਇਸ ਮੌਕੇ ਭਾਈ ਮਨਜੀਤ ਸਿੰਘ, ਸੁਰਜੀਤ ਸਿੰਘ ਭਿੱਟੇਵਡ ਮਗਵਿੰਦਰ ਸਿੰਘ ਖਾਪੜ੍ਹ ਖੇੜੀ ਅਤੇ ਅਜਾਇਬ ਸਿੰਘ ਅਭਿਆਸੀ ਵੀ ਹਾਜ਼ਰ ਸਨ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
