ਚੰਡੀਗੜ੍ਹ (ਰਾਹੁਲ ਕਾਲਾ) : ਗੰਨਾ ਕਿਸਾਨਾਂ ਤੋਂ ਬਾਅਦ ਹੁਣ ਡੇਅਰੀ ਫਾਰਮਿੰਗ ਨਾਲ ਜੁੜੇ ਕਿਸਾਨਾਂ ਨੇ ਭਗਵੰਤ ਮਾਨ ਸਰਕਾਰ ਖਿਲਾਫ ਹਮਲਾ ਬੋਲ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਦੁੱਧ ਦੀ ਫੈਟ ਵਧਾਉਣ ਸਬੰਧੀ ਕੀਤੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਰੋਸ ਵਜੋਂ 24 ਅਗਸਤ ਨੂੰ ਲੁਧਿਆਣਾ ਦੇ ਵੇਰਕਾ ਪਲਾਂਟ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।ਡੇਅਰੀ ਫਾਰਮਿੰਗ ਨਾਲ ਜੁੜੇ ਕਿਸਾਨਾਂ ਦੀ ਮੰਗ ਹੈ ਕਿ ਭਗਵੰਤ ਮਾਨ ਸਰਕਾਰ ਮਈ ਮਹੀਨੇ ‘ਚ ਦੁੱਧ ਦੀ ਫੈਟ ‘ਚ 1 ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਸੀ। ਕਿਸਾਨਾਂ ਦਾ ਇਲਜ਼ਾਮ ਹੈ ਕਿ ਮਿਲਕਫੈੱਡ ਵੱਲੋਂ 20 ਰੁਪਏ ਦਾ ਭਾਅ ਦਿੱਤਾ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਗਈ ਹੈ ਅਤੇ ਅਜੇ ਤੱਕ ਕਿਸਾਨਾਂ ਨੂੰ 5 ਰੁਪਏ ਦਾ ਵਾਧਾ ਨਹੀਂ ਦਿੱਤਾ ਗਿਆ, ਜਿਸ ਦੇ ਰੋਸ ਵਜੋਂ ਲੁਧਿਆਣਾ ਵਿੱਚ ਵੱਡਾ ਇਕੱਠ ਕੀਤਾ ਜਾਵੇਗਾ।
ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਦੇ ਪ੍ਰਧਾਨ ਦਲਜੀਤ ਸਿੰਘ ਸਦਰਪੁਰਾ ਨੇ ਧਰਨੇ ਦੀ ਰੂਪ-ਰੇਖਾ ਸਾਂਝੀ ਕਰਦਿਆਂ ਕਿਹਾ ਕਿ ਲੁਧਿਆਣਾ ਵੇਰਕਾ ਪਲਾਂਟ ਦੇ ਸਾਰੇ ਗੇਟਾਂ ’ਤੇ ਕਬਜ਼ਾ ਕਰ ਲਿਆ ਜਾਵੇਗਾ ਅਤੇ ਕਿਸੇ ਨੂੰ ਅੰਦਰ ਜਾਂ ਬਾਹਰ ਨਹੀਂ ਆਉਣ ਦਿੱਤਾ ਜਾਵੇਗਾ। ਮਈ ਮਹੀਨੇ ਵਿੱਚ ਮੋਹਾਲੀ ਵਿੱਚ ਇੱਕ ਦਿਨ ਲਈ ਧਰਨਾ ਦਿੱਤਾ ਗਿਆ ਸੀ ਪਰ ਹੁਣ ਲੁਧਿਆਣਾ ਵਿੱਚ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ। ਪੂਰੇ ਪ੍ਰਬੰਧਾਂ ਦੇ ਨਾਲ ਟਰੈਕਟਰ ਟਰਾਲੀਆਂ ‘ਤੇ ਸਵਾਰ ਹੋ ਕੇ ਇਹ ਧਰਨਾ ਅਣਮਿੱਥੇ ਸਮੇਂ ਲਈ ਜਾਰੀ ਰਹੇਗਾ ਜੇਕਰ ਸਰਕਾਰ ਇਸ ਧਰਨੇ ਨੂੰ ਰੋਕਣਾ ਚਾਹੁੰਦੀ ਹੈ ਤਾਂ ਸਾਡੀਆਂ ਮੰਗਾਂ ਮੰਨੇ |
ਦੂਜੇ ਪਾਸੇ ਲੁਧਿਆਣਾ ਤੋਂ ਅੱਗੇ ਫਗਵਾੜਾ ‘ਚ ਗੰਨਾ ਕਿਸਾਨ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਨੂੰ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦਾ ਸਮਰਥਨ ਮਿਲਿਆ ਹੈ, ਜਿਸ ਤੋਂ ਬਾਅਦ ਇਨ੍ਹਾਂ ਕਿਸਾਨਾਂ ਨੇ ਵੀ 25 ਅਗਸਤ ਨੂੰ ਅਣਮਿੱਥੇ ਸਮੇਂ ਲਈ ਵੱਡਾ ਅੰਦੋਲਨ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜੇਕਰ ਡੇਅਰੀ ਫਾਰਮਿੰਗ ਅਤੇ ਗੰਨਾ ਕਾਸ਼ਤਕਾਰ ਕਿਸਾਨ ਧਰਨਾ ਦਿੰਦੇ ਹਨ ਤਾਂ ਪੰਜਾਬ ਵਿੱਚ ਟਰਾਂਸਪੋਰਟ ਨੂੰ ਵੱਡਾ ਧੱਕਾ ਲੱਗ ਸਕਦਾ ਹੈ।
