ਆਲ ਇੰਡੀਆ ਕਾਂਗਰਸ ਕਮੇਟੀ: ਚੰਡੀਗੜ੍ਹ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਗਠਨ
ਆਲ ਇੰਡੀਆ ਕਾਂਗਰਸ ਕਮੇਟੀ ਨੇ ਚੰਡੀਗੜ੍ਹ ਕਾਂਗਰਸ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਗਠਨ ਕੀਤਾ ਹੈ। ਇਸ ਕਮੇਟੀ ਵਿੱਚ 15 ਲੋਕਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕਮੇਟੀ ਦਾ ਐਲਾਨ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਕੇ. ਵੈਨੂਗੋਪਾਲ ਨੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਦੀ ਸਹਿਮਤੀ ਤੋਂ ਬਾਅਦ ਕੀਤਾ ਹੈ।
ਇਸ ਕਮੇਟੀ ਵਿੱਚ ਪਾਰਟੀ ਦੇ ਸੀਨੀਅਰ ਆਗੂ ਹਰੀਸ਼ ਚੌਧਰੀ, ਕੌਮੀ ਖਜ਼ਾਨਚੀ ਪਵਨ ਕੁਮਾਰ ਬਾਂਸਲ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ, ਸਾਬਕਾ ਪ੍ਰਧਾਨ ਸੁਭਾਸ਼ ਚਾਵਲਾ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਡੀਡੀ ਜਿੰਦਲ, ਪਵਨ ਸ਼ਰਮਾ, ਚਮਨ ਲਾਲ ਸ਼ਰਮਾ, ਸੁਰਿੰਦਰ ਸਿੰਘ, ਜਤਿੰਦਰ ਭਾਟੀਆ, ਕਮਲੇਸ਼, ਬਲਰਾਜ ਸਿੰਘ ਅਤੇ ਹੋਰਾ ਨੂੰ ਸ਼ਾਮਲ ਕੀਤਾ ਗਿਆ ਹੈ।
ਦੂਜੇ ਪਾਸੇ ਕਾਂਗਰਸ ਪਾਰਟੀ ਵੱਲੋਂ ਚੰਡੀਗੜ੍ਹ ਵਿੱਚ ਚਾਰ ਜ਼ਿਲ੍ਹਾ ਪ੍ਰਧਾਨਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਦੇ ਕੌਮੀ ਜਨਰਲ ਸਕੱਤਰ ਸ੍ਰੀ ਵੈਨੂੰਗੋਪਾਲ ਦੇ ਦਸਤਖ਼ਤਾਂ ਹੇਠ ਜਾਰੀ ਪੱਤਰ ਵਿੱਚ ਜ਼ਿਲ੍ਹਾ ਸ਼ਹਿਰੀ-1 ਦੇ ਪ੍ਰਧਾਨ ਰਵੀ ਠਾਕੁਰ, ਸ਼ਹਿਰੀ-2 ਦੇ ਪ੍ਰਧਾਨ ਜਸਬੀਰ ਸਿੰਘ ਬੰਟੀ, ਸ਼ਹਿਰੀ-3 ਦੇ ਪ੍ਰਧਾਨ ਪ੍ਰਵੀਨ ਨਾਰੰਗ ਬੰਟੀ ਅਤੇ ਮਨੀਮਾਜਰਾ ਦੇ ਪ੍ਰਧਾਨ ਸੁਰਜੀਤ ਢਿੱਲੋਂ ਨੂੰ ਨਿਯੁਕਤ ਕੀਤਾ ਗਿਆ ਹੈ।