ਬਰਨਾਲਾ, 6 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਵਿੱਚ ਬਰਨਾਲਾ ਜ਼ਿਲ੍ਹੇ ਨੇ ਪੰਜਾਬ ਦੇ ਹੋਰਨਾਂ ਜ਼ਿਲ੍ਹਿਆਂ ਨੂੰ ਪਛਾੜ ਕੇ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਲਈ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਮੂਹ ਵਿਦਿਆਰਥੀਆਂ, ਅਧਿਆਪਕਾਂ, ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਸ: ਸਰਬਜੀਤ ਸਿੰਘ ਤੂਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 4895 ਵਿਦਿਆਰਥੀਆਂ ਵਿੱਚੋਂ 4888 ਬੱਚਿਆਂ ਨੇ ਇਸ ਪ੍ਰੀਖਿਆ ਵਿੱਚ ਭਾਗ ਲਿਆ ਸੀ ਅਤੇ ਨਤੀਜੇ ਅਨੁਸਾਰ ਸਾਰੇ ਬੱਚੇ ਪਾਸ ਹੋਏ ਹਨ। ਉਨ੍ਹਾਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 99.86 ਰਹੀ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਤੂਰ ਨੇ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਜ਼ਿਲ੍ਹੇ ਦੇ ਸਮੂਹ ਅਧਿਆਪਕਾਂ ਨੂੰ ਜਾਂਦਾ ਹੈ, ਜਿਨ੍ਹਾਂ ਨੇ ਬੜੀ ਤਨਦੇਹੀ ਅਤੇ ਮਿਹਨਤ ਨਾਲ ਬੱਚਿਆਂ ਨੂੰ ਪ੍ਰੀਖਿਆ ਲਈ ਤਿਆਰ ਕੀਤਾ। ਉਨ੍ਹਾਂ ਕਿਹਾ ਕਿ ਸਮੂਹ ਅਧਿਆਪਕਾਂ ਨੇ ਟੀਮ ਵਰਕ ਵਜੋਂ ਕੰਮ ਕੀਤਾ ਹੈ, ਜਿਸ ਦਾ ਨਤੀਜਾ ਸਭ ਦੇ ਸਾਹਮਣੇ ਹੈ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਵਸੁੰਧਰਾ ਕਪਿਲਾ ਨੇ ਦੱਸਿਆ ਕਿ ਮੈਰਿਟ ਸੂਚੀ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਜ਼ਿਲ੍ਹਾ ਆਪਣੇ ਮਿਹਨਤੀ ਅਧਿਆਪਕਾਂ ਦੇ ਸਹਿਯੋਗ ਨਾਲ ਭਵਿੱਖ ਵਿੱਚ ਵੀ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਕਰਦਾ ਰਹੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।