ਚੰਡੀਗੜ੍ਹ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੇ ਸਿਹਤ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਵਿਭਾਗ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਸਰਗਰਮ ਹੋ ਕੇ ਸਾਰੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਕਿਹਾ। ਨੂੰ ਨਿਰਧਾਰਿਤ ਸਮੇਂ ਅਨੁਸਾਰ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਕੰਮ ਵਿੱਚ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੁਤਾਹੀ ਕਰਨ ਵਾਲੇ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੂਬੇ ਵਿੱਚ ਸਿਹਤ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਪੰਜਾਬ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਨੂੰ ਹਦਾਇਤਾਂ ਦੇਣ ਕਿ ਉਹ ਆਪਣੇ ਮੈਡੀਕਲ ਸਾਜ਼ੋ-ਸਾਮਾਨ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਨਵੇਂ ਉਪਕਰਨ ਜਾਂ ਮੁਰੰਮਤ ਦੀ ਜ਼ਰੂਰਤ ਬਾਰੇ ਵੀ ਜਾਣਕਾਰੀ ਦੇਣ ਕਿਉਂਕਿ ਬਜਟ ਵਿੱਚ ਇਸ ਦੀ ਵਿਵਸਥਾ ਕੀਤੀ ਗਈ ਹੈ। ਸਿਹਤ ਮੰਤਰੀ ਨੇ ਪੰਜਾਬ ਦੀਆਂ ਸਿਹਤ ਸੰਸਥਾਵਾਂ ਵਿੱਚ ਪੁਰਾਣੇ/ਨਾਵਰਤਣਯੋਗ ਉਪਕਰਨਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨੂੰ ਲਾਗੂ ਕਰਨ ਲਈ ਕਿਹਾ ਤਾਂ ਜੋ ਹਸਪਤਾਲਾਂ ਵਿੱਚ ਥਾਂ ਖਾਲੀ ਕੀਤੀ ਜਾ ਸਕੇ। ਸਫ਼ਾਈ ਦੇ ਸਬੰਧ ਵਿੱਚ ਮੰਤਰੀ ਨੇ ਹਸਪਤਾਲਾਂ ਵਿੱਚ ਸਾਫ਼-ਸਫ਼ਾਈ ਦੇ ਰੱਖ-ਰਖਾਅ ਲਈ ਠੇਕਿਆਂ ਦੀ ਸਥਿਤੀ ਬਾਰੇ ਵੀ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਹਸਪਤਾਲਾਂ ਦੀ ਬਿਹਤਰ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਖਸਤਾ ਹਾਲਤ ਵਿਚ ਪਈਆਂ ਪੁਰਾਣੀਆਂ ਇਮਾਰਤਾਂ ਨੂੰ ਢੁੱਕਵੀਂ ਕਾਰਵਾਈ ਕਰਕੇ ਢਾਹ ਦਿੱਤਾ ਜਾਵੇ। ਸ: ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਸਸਤੀਆਂ ਦਰਾਂ ‘ਤੇ ਦਵਾਈਆਂ ਮੁਹੱਈਆ ਕਰਵਾਉਣ ਲਈ 25 ਜਨ ਔਸ਼ਧੀ ਸਟੋਰ ਪਹਿਲਾਂ ਹੀ ਕੰਮ ਕਰ ਰਹੇ ਹਨ ਅਤੇ ਲੋਕਾਂ ਦੀ ਸਹੂਲਤ ਲਈ ਅਜਿਹੇ 14 ਹੋਰ ਸਟੋਰ ਖੋਲ੍ਹਣ ਦੀ ਯੋਜਨਾ ਹੈ। ਮੰਤਰੀ ਨੇ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੀਆਂ ਸ਼ਿਕਾਇਤਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਰਮਚਾਰੀਆਂ ਦੇ ਹਿੱਤ ਵਿੱਚ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਦੀ ਅਦਾਇਗੀ ਸਬੰਧੀ ਕਿਸੇ ਵੀ ਬਕਾਇਆ ਮਾਮਲੇ ਦਾ ਨਿਪਟਾਰਾ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੀਟਿੰਗ ਵਿੱਚ ਮਿਸ਼ਨ ਡਾਇਰੈਕਟਰ ਐਨ.ਐਚ.ਐਮ ਡਾ. ਅਭਿਨਵ ਤ੍ਰਿਖਾ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵੀ ਸ਼ਾਮਲ ਹੋਏ। ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ: ਰਵਿੰਦਰਪਾਲ ਕੌਰ, ਡਾਇਰੈਕਟਰ ਹੋਮਿਓਪੈਥੀ, ਡਾਇਰੈਕਟਰ ਆਯੁਰਵੈਦ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
