ਪਟਿਆਲਾ: ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਦਾ ਨਿਰੀਖਣ ਕੀਤਾ ਗਿਆ
-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਟਿਆਲਾ ਵਿਖੇ ਲਹਿਰਾਉਣਗੇ ਤਿਰੰਗਾ
-77ਵੇਂ ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ
ਪਟਿਆਲਾ, 25 ਜਨਵਰੀ:
ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ਅੱਜ ਇੱਥੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ। ਡਿਪਟੀ ਕਮਿਸ਼ਨਰ ਵਿਰਜੀਤ ਵਾਲੀਆ ਨੇ ਇਸ ਮੌਕੇ ਕੌਮੀ ਝੰਡਾ ਲਹਿਰਾਇਆ ਅਤੇ ਐਸਐਸਪੀ ਵਰੁਣ ਸ਼ਰਮਾ ਨਾਲ ਪਰੇਡ ਦਾ ਨਿਰੀਖਣ ਕੀਤਾ ਅਤੇ ਸਮੁੱਚੀ ਰਿਹਰਸਲ ਦਾ ਜਾਇਜ਼ਾ ਲਿਆ। ਇਸ ਦੌਰਾਨ ਏ.ਡੀ.ਸੀ.ਦਮਨਜੀਤ ਸਿੰਘ ਮਾਨ ਅਤੇ ਡਾ.ਇਸਮਤ ਵਿਜੇ ਸਿੰਘ, ਐਸ.ਪੀ ਵੈਭਵ ਚੌਧਰੀ ਅਤੇ ਪਲਵਿੰਦਰ ਸਿੰਘ ਚੀਮਾ, ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ, ਐਸ.ਡੀ.ਐਮ ਹਰਜੋਤ ਕੌਰ ਮਾਵੀ, ਸੀ.ਐਮ.ਐਫ.ਓ. ਸਤੀਸ਼ ਚੰਦਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਪਰੇਡ ਕਮਾਂਡਰ ਡੀ.ਐਸ.ਪੀ ਫਤਿਹ ਸਿੰਘ ਬਰਾੜ ਦੀ ਅਗਵਾਈ ਹੇਠ ਆਈ.ਟੀ.ਬੀ.ਪੀ., ਪਟਿਆਲਾ ਪੁਲਿਸ ਦੀਆਂ ਦੋ ਟੁਕੜੀਆਂ (ਮਰਦ ਅਤੇ ਮਹਿਲਾ ਵਿੰਗ), ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ. ਦੇ ਵੱਖ-ਵੱਖ ਵਿੰਗਾਂ ਦੀਆਂ ਤਿੰਨ ਟੁਕੜੀਆਂ, ਰੈੱਡ ਕਰਾਸ ਦੀ ਸੇਂਟ ਜੌਹਨ ਐਂਬੂਲੈਂਸ ਬ੍ਰਿਗੇਡ, ਸਟੂਡੈਂਟ ਪੁਲਿਸ ਕੈਡੇਟ, ਸਕਾਊਟ ਅਤੇ ਗਾਈਡ ਅਤੇ ਆਈ.ਆਰ.ਬੀ. ਨੇ ਮਾਰਚ ਪਾਸਟ ਵਿਚ ਹਿੱਸਾ ਲਿਆ। ਪਾਈਪ ਬੈਂਡ ਵਾਲੇ ਸ਼ਾਮਲ ਸਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਪਟਿਆਲਾ ਵਿਖੇ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗਾਂ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਉਨ੍ਹਾਂ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਪੂਰੇ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ ਹੈ।
ਵਰਜੀਤ ਵਾਲੀਆ ਨੇ ਦੱਸਿਆ ਕਿ ਕੈਬਨਿਟ ਮੰਤਰੀ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਮਹਾਨ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਾਰਸਾਂ ਦਾ ਸਨਮਾਨ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਗਮ ਮੌਕੇ ਸਿੱਖਿਆ, ਪੁਲਿਸ, ਸਿਹਤ ਤੇ ਪਰਿਵਾਰ ਭਲਾਈ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਖੇਡ ਵਿਭਾਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੀ.ਐਮ. ਡੀ. ਯੋਗਸ਼ਾਲਾ, ਪੰਜਾਬ ਰਾਜ ਬਿਜਲੀ ਨਿਗਮ, ਵੇਰਕਾ ਮਿਲਕ ਪਲਾਂਟ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੋਸਟਰ ਵੀ ਜਾਰੀ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਣਤੰਤਰ ਦਿਵਸ ਮੌਕੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਵਿਕਟੋਰੀਆ ਸਕੂਲ, ਸਰਕਾਰੀ ਗਰਲਜ਼ ਸਕੂਲ ਪੁਰਾਣੀ ਪੁਲੀਸ ਲਾਈਨ, ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ ਅਤੇ ਸਰਕਾਰੀ ਸਕੂਲ ਸਨੂਰੀ ਗੇਟ ਦੀਆਂ ਵਿਦਿਆਰਥਣਾਂ ਦੇਸ਼ ਭਗਤੀ ਦੇ ਗੀਤਾਂ ’ਤੇ ਕੋਰੀਓਗ੍ਰਾਫੀ ਪੇਸ਼ ਕਰਨਗੀਆਂ।
ਇਸ ਮੌਕੇ ਪੀ.ਟੀ. ਸ਼ੋਅ ਵਿੱਚ ਡੀਏਵੀ ਪਬਲਿਕ ਸਕੂਲਾਂ, ਰਿਆਨ ਇੰਟਰਨੈਸ਼ਨਲ ਸਕੂਲ, ਨਰਾਇਣ ਸਕੂਲ ਅਤੇ ਜੇਮਸ ਪਬਲਿਕ ਸਕੂਲ ਦੇ ਲਗਭਗ 400 ਵਿਦਿਆਰਥੀ ਹਿੱਸਾ ਲੈਣਗੇ ਅਤੇ ਬੁੱਢਾ ਦਲ ਪਬਲਿਕ ਸਕੂਲ ਸਾਡੇ ਦੇਸ਼ ਦੀ ਅਨੇਕਤਾ ਵਿੱਚ ਏਕਤਾ ਨੂੰ ਦਰਸਾਉਂਦੀ ਇੱਕ ਪੇਸ਼ਕਾਰੀ ਪੇਸ਼ ਕਰੇਗਾ। ਜਦਕਿ ਗਿੱਧੇ ਵਿੱਚ ਸਰਕਾਰੀ ਕਾਲਜ ਲੜਕੀਆਂ ਸਮੇਤ ਪੀ.ਐਮ. ਸ੍ਰੀ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ, ਸਰਕਾਰੀ ਸਕੂਲ ਮਾਡਲ ਟਾਊਨ, ਸਕੂਲ ਆਫ਼ ਐਮੀਨੈਂਸ ਫਿਲਖਾਨਾ ਅਤੇ ਪੰਜਾਬੀ ਯੂਨੀਵਰਸਿਟੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਦੀਆਂ ਵਿਦਿਆਰਥਣਾਂ ਭਾਗ ਲੈਣਗੀਆਂ।
ਇਸ ਤੋਂ ਇਲਾਵਾ ਭੰਗੜਾ ਵੀ ਪੇਸ਼ ਕੀਤਾ ਜਾਵੇਗਾ, ਜਿਸ ਵਿੱਚ ਸਕੂਲ ਆਫ ਐਮੀਨੈਂਸ ਫਿਲਖਾਨਾ, ਸਰਕਾਰੀ ਮਲਟੀਪਰਪਜ਼ ਸਮਾਰਟ ਸਕੂਲ ਪਾਸੀ ਰੋਡ, ਸਰਕਾਰੀ ਸਮਾਰਟ ਸਕੂਲ ਸਿਵਲ ਲਾਈਨ, ਸੀਨੀਅਰ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ, ਸਰਕਾਰੀ ਮਹਿੰਦਰਾ ਕਾਲਜ, ਬਿਕਰਮ ਕਾਲਜ ਆਫ ਕਾਮਰਸ, ਖਾਲਸਾ ਕਾਲਜ ਅਤੇ ਯੂਨੀਵਰਸਿਟੀ ਕੈਂਪਸ ਦੇ ਨੌਜਵਾਨ ਵਿਦਿਆਰਥੀ ਭਾਗ ਲੈਣਗੇ। ਸਮਾਗਮ ਦੇ ਅੰਤ ਵਿੱਚ ਜਿੱਥੇ ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਰਾਸ਼ਟਰੀ ਗੀਤ ਗਾਉਣਗੀਆਂ, ਉੱਥੇ ਹੀ ਵਾਣੀ ਇੰਟੀਗ੍ਰੇਟਿਡ ਸਕੂਲ ਫਾਰ ਡੈਫ ਐਂਡ ਸਪੈਸ਼ਲ ਚਿਲਡਰਨ ਸੈਨਤ ਭਾਸ਼ਾ ਵਿੱਚ ਰਾਸ਼ਟਰੀ ਗੀਤ ਗਾਉਣਗੀਆਂ।
