ਪਟਿਆਲਾ: ਡਿਪਟੀ ਕਮਿਸ਼ਨਰ ਨੇ ਘਨੂਰ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਲਿਆ ਜਾਇਜ਼ਾ, ਕਿਸਾਨ ਯੂਨੀਅਨ ਦੇ ਆਗੂਆਂ ਨੇ ਖਰੀਦ ਪ੍ਰਬੰਧਾਂ ‘ਤੇ ਤਸੱਲੀ ਪ੍ਰਗਟਾਈ।
– ਡੀਸੀ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਹੀ ਲਿਆਉਣ ਦੀ ਅਪੀਲ
– ਮੰਡੀਆਂ ‘ਚ 6.70 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 6.63 ਲੱਖ ਮੀਟ੍ਰਿਕ ਟਨ ਦੀ ਖਰੀਦ,
– ਕਿਸਾਨਾਂ ਨੂੰ ਖਰੀਦੇ ਮਾਲ ਲਈ 1498 ਕਰੋੜ ਰੁਪਏ ਦੀ ਅਦਾਇਗੀ
ਘਨੂਰ, 23 ਅਕਤੂਬਰ:
ਪਟਿਆਲਾ ਦੀ ਡਿਪਟੀ ਕਮਿਸ਼ਨਰ ਡਾ.ਪ੍ਰੀਤੀ ਯਾਦਵ ਨੇ ਅੱਜ ਘਨੌਰ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਖਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਮੰਡੀ ਵਿੱਚ ਮੌਜੂਦ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਖਰੀਦ ਪ੍ਰਕਿਰਿਆ ’ਤੇ ਤਸੱਲੀ ਪ੍ਰਗਟਾਈ।
ਮੰਡੀ ਵਿੱਚ ਡਿਪਟੀ ਕਮਿਸ਼ਨਰ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਕਣਕ ਦੀ ਬਿਜਾਈ ਤੋਂ ਪਹਿਲਾਂ ਪਰਾਲੀ ਨੂੰ ਸੰਭਾਲਣ ਲਈ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇ ਤਾਂ ਜੋ ਉਹ ਆਪਣੀ ਪਰਾਲੀ ਨੂੰ ਅੱਗ ਲਾਏ ਬਿਨਾਂ ਸੰਭਾਲ ਸਕਣ।
ਕਿਸਾਨਾਂ ਨੇ ਡੀ.ਏ.ਪੀ. ਖਾਦ ਸਮੇਂ ਸਿਰ ਮੁਹੱਈਆ ਕਰਵਾਉਣ ਦੀ ਮੰਗ ਕੀਤੀ, ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਹੁਤ ਜਲਦ ਡੀ.ਏ.ਪੀ. ਰਾਜਪੁਰਾ ਰੇਲਵੇ ਸਟੇਸ਼ਨ ‘ਤੇ ਇੱਕ ਰੇਕ ਆ ਰਿਹਾ ਹੈ, ਜੋ ਕਿ ਰਾਜਪੁਰਾ ਅਤੇ ਘਨੂਰ ਖੇਤਰ ਦੇ ਕਿਸਾਨਾਂ ਨੂੰ ਹੀ ਦਿੱਤਾ ਜਾਵੇਗਾ।
ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੂੰ ਦੱਸਿਆ ਗਿਆ ਕਿ ਮੰਡੀਆਂ ਵਿੱਚ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਵੀ ਨਾਲੋ-ਨਾਲ ਹੋ ਰਹੀ ਹੈ ਅਤੇ ਅਦਾਇਗੀ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਨਹੀਂ ਆਈ, ਜਿਸ ਲਈ ਉਹ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧੰਨਵਾਦੀ ਹਨ।
ਡਾ: ਪ੍ਰੀਤੀ ਯਾਦਵ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲੈ ਕੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6 ਲੱਖ 70 ਹਜ਼ਾਰ 34 ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ 6 ਲੱਖ 63 ਹਜ਼ਾਰ 530 ਮੀਟ੍ਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ, ਜਿਸ ਦੀ ਖਰੀਦ ਲਈ ਕਿਸਾਨਾਂ ਨੂੰ 14910 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ: ਰਵਿੰਦਰ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਸਲਮ ਮੁਹੰਮਦ, ਡੀ. ਐਮ ਪਨਸਪ ਮਨਦੀਪ ਕਾਲੇਕਾ, ਡੀ. ਐਮ ਮਾਰਕਫੈੱਡ ਵਿਪਨ ਸ਼ਰਮਾ, ਡੀ.ਐਮ ਵੇਅਰਹਾਊਸਮੈਨ ਅਤੇ ਨਿਰਮਲ ਸਿੰਘ ਸਮੇਤ ਕਿਸਾਨ ਹਾਜ਼ਰ ਸਨ।
