ਪਟਿਆਲਾ ਦੇ ਡੀਸੀ ਵਰਜੀਤ ਵਾਲੀਆ ਨੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੇਂ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ
ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੇਂ ਨਿਰਮਾਣ ਕਾਰਜਾਂ ਦਾ ਨਿਰੀਖਣ
-ਵਿਕਾਸ ਕਾਰਜਾਂ ਸਬੰਧੀ ਸਲਾਹਕਾਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਪਹਿਲੀ ਮੀਟਿੰਗ
-ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਨਵੀਨੀਕਰਨ ਦੇ ਪ੍ਰੋਜੈਕਟ ਨੂੰ ਜਲਦੀ ਪੂਰਾ ਕਰਨ ਲਈ ਲਗਾਤਾਰ ਮੀਟਿੰਗਾਂ ਕੀਤੀਆਂ ਜਾਣਗੀਆਂ-ਵਰਜੀਤ ਵਾਲੀਆ
ਪਟਿਆਲਾ, 27 ਜਨਵਰੀ:
ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਇੱਥੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੰਦਰ ਦੀ ਸਲਾਹਕਾਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਅਜੇ ਅਲੀਪੁਰੀਆ ਅਤੇ ਸੰਜੇ ਸਿੰਗਲਾ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਹੋਈ ਸੀ। ਇਸ ਮੌਕੇ ਏਡੀਸੀ (ਜ) ਸਿਮਰਪ੍ਰੀਤ ਕੌਰ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਿੱਥੇ ਖੁਦ ਮੰਦਰ ਦੇ ਨਵੇਂ ਨਿਰਮਾਣ ਕਾਰਜਾਂ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ, ਉੱਥੇ ਹੀ ਉਹ ਖੁਦ ਵੀ ਸਾਰੇ ਵਿਭਾਗਾਂ ਨੂੰ ਨਾਲ ਲੈ ਕੇ ਮੰਦਰ ਦਾ ਦੌਰਾ ਕਰਨਗੇ ਅਤੇ ਸਲਾਹਕਾਰ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣਗੇ।
ਕਮੇਟੀ ਮੈਂਬਰ ਸੀਏ ਅਜੇ ਅਲੀਪੁਰੀਆ ਅਤੇ ਸੰਜੇ ਸਿੰਗਲਾ ਨੇ ਦੱਸਿਆ ਕਿ ਮੰਦਰ ਦੇ ਨਿਰਮਾਣ ਕਾਰਜ ਨੂੰ ਮੁਕੰਮਲ ਕਰਨ ਲਈ ਇੱਕ ਸਾਲ ਦਾ ਸਮਾਂ ਦਿੱਤਾ ਗਿਆ ਹੈ ਤਾਂ ਜੋ ਇਸ ਇਤਿਹਾਸਕ ਮੰਦਰ ਵਿੱਚ ਆਉਣ ਵਾਲੇ ਸ਼ਰਧਾਲੂ ਸ਼ਾਨਦਾਰ ਮੰਦਰ ਦੇ ਦਰਸ਼ਨ ਕਰ ਸਕਣ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਤਿਹਾਸਕ ਸ੍ਰੀ ਕਾਲੀ ਮਾਤਾ ਮੰਦਰ ਦੇ ਨਵੀਨੀਕਰਨ ਲਈ ਕਰੀਬ 75 ਕਰੋੜ ਰੁਪਏ ਦੇ ਪ੍ਰਾਜੈਕਟ ਸ਼ੁਰੂ ਕੀਤੇ ਸਨ।
ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਨੂੰ ਨਵੀਂ ਦਿੱਖ ਦੇਣ ਲਈ ਮੰਦਰ ਦੇ ਸਰੋਵਰ ਤੱਕ ਸ਼ੁੱਧ ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪ ਲਾਈਨ ਵਿਛਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਮੰਦਰ ਦੇ ਮੌਜੂਦਾ ਸੀਵਰੇਜ ਅਤੇ ਡਰੇਨੇਜ ਢਾਂਚੇ ਨੂੰ ਅਪਗ੍ਰੇਡ ਕਰਨ ਸਮੇਤ ਹੋਰ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਮੰਦਰ ਕੰਪਲੈਕਸ ਦੇ ਅੰਦਰ ਸ਼ੁਰੂ ਕੀਤਾ ਗਿਆ ਆਮ ਆਦਮੀ ਕਲੀਨਿਕ ਸ਼ਰਧਾਲੂਆਂ ਅਤੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਦੀ ਸਹੂਲਤ ਲਈ ਬਿਹਤਰ ਮੈਡੀਕਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ।
