11/11/2026
ਪਟਿਆਲਾ ਨਿਊਜ਼: ਐਸਡੀਐਮ ਪਟਿਆਲਾ ਨੇ ਪਰਾਲੀ ਦੇ ਪ੍ਰਬੰਧਨ ਸਬੰਧੀ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਕੀਤੀ ਮੀਟਿੰਗ
ਡਿਪਟੀ ਕਮਿਸ਼ਨਰ ਪਟਿਆਲਾ ਡਾ: ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ਅਨੁਸਾਰ ਐਸ.ਡੀ.ਐਮ ਪਟਿਆਲਾ ਗੁਰਦੇਵ ਸਿੰਘ ਧੰਮਾ ਨੇ ਪਰਾਲੀ ਦੇ ਪ੍ਰਬੰਧਨ ਸਬੰਧੀ ਪਟਿਆਲਾ ਜ਼ਿਲ੍ਹੇ ਦੇ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਮੀਟਿੰਗ ਵਿੱਚ ਹਾਜ਼ਰ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਆਪਣੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਰੈਡ ਐਂਟਰੀ, ਐਫਆਈਆਰ ਅਤੇ ਢੁਕਵਾਂ ਜੁਰਮਾਨਾ ਕੀਤਾ ਜਾਵੇਗਾ। ਇਸ ਸਬੰਧੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸੁਪਰ ਐਸ.ਐਮ.ਐਸ ਫਿੱਟ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ਅਤੇ ਪਰਾਲੀ ਨੂੰ ਖੇਤਾਂ ਵਿੱਚ ਹੀ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਕਰਨ। ਐਸ.ਡੀ.ਐਮ ਪਟਿਆਲਾ ਨੇ ਦੱਸਿਆ ਕਿ ਹਰੇਕ ਪਿੰਡ ਲਈ ਕਲੱਸਟਰ ਅਫ਼ਸਰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ ਜੋ ਪਿੰਡਾਂ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ’ਤੇ ਦਿੱਤੀ ਜਾਂਦੀ ਸੀਆਰਐਮ ਮਸ਼ੀਨਰੀ ਦੀ ਵਰਤੋਂ ਕਰਕੇ ਖੇਤਾਂ ਵਿੱਚ ਪਰਾਲੀ ਨੂੰ ਵਾਹੁਣ ਅਤੇ ਉਦਯੋਗਿਕ ਇਕਾਈਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਿਸਾਨ ਖੇਤੀਬਾੜੀ ਅਤੇ ਸਹਿਕਾਰੀ ਸਭਾਵਾਂ ਵਿੱਚ ਪਹੁੰਚ ਕਰਕੇ ਮਸ਼ੀਨਾਂ ਦੀ ਮੰਗ ਕਰ ਸਕਦੇ ਹਨ ਤਾਂ ਜੋ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘਟਾਇਆ ਜਾ ਸਕੇ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।