ਪਟਿਆਲਾ ਨਿਊਜ਼: ਗੁਰਲਾਲ ਘਨੌਰ ਨੇ ਪਿੰਡ ਘੜਾਮ ਕਲਾਂ ਵਿੱਚ “ਮੇਰਾ ਘਰ ਮੇਰਾ ਨਾਮ” ਸਕੀਮ ਤਹਿਤ 408 ਪਰਿਵਾਰਾਂ ਨੂੰ ਮਾਲਕੀ ਦੇ ਅਧਿਕਾਰ ਸੌਂਪੇ।
– ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਵਰਗ ਨੂੰ ਉੱਚਾ ਚੁੱਕਣਾ ਹੈ: ਗੁਰਲਾਲ ਘਨੂਰ
ਘਨੂਰ, 2 ਅਪ੍ਰੈਲ :
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਅਹਿਮ ਲੋਕ ਭਲਾਈ ਸਕੀਮ “ਮੇਰਾ ਘਰ ਮੇਰਾ ਨਾਮ” ਤਹਿਤ ਅੱਜ ਘਨੂਰ ਜ਼ਿਲ੍ਹੇ ਦੇ ਪਿੰਡ ਘੜਾਮ ਕਲਾਂ ਵਿੱਚ 408 ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਇਕ ਵਿਸ਼ੇਸ਼ ਸਮਾਗਮ ਦੌਰਾਨ ਰਜਿਸਟਰੀਆਂ ਸੌਂਪ ਕੇ ਇਨ੍ਹਾਂ ਪਰਿਵਾਰਾਂ ਨੂੰ ਮਾਲਕੀ ਦੇ ਹੱਕ ਦਿੱਤੇ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ‘ਮੇਰਾ ਘਰ ਮੇਰਾ ਨਾਮ’ ਸਕੀਮ ਪੰਜਾਬ ਸਰਕਾਰ ਦੀ ਇਤਿਹਾਸਕ ਪਹਿਲਕਦਮੀ ਹੈ, ਜਿਸ ਨਾਲ ਲਾਲ ਦੋਰਾ (ਅਬਾਦੀ ਦੇਹ) ਇਲਾਕੇ ‘ਚ ਰਹਿੰਦੇ ਪਰਿਵਾਰਾਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਜਿਹੜੇ ਲੋਕ ਆਪਣੇ ਘਰਾਂ ਵਿੱਚ ਸਾਲਾਂ ਤੋਂ ਰਹਿ ਰਹੇ ਸਨ ਪਰ ਕਾਨੂੰਨੀ ਤੌਰ ’ਤੇ ਮਾਲਕ ਨਹੀਂ ਮੰਨੇ ਜਾਂਦੇ ਸਨ, ਉਨ੍ਹਾਂ ਨੂੰ ਪੱਕੇ ਮਾਲਕੀ ਹੱਕ ਮਿਲ ਰਹੇ ਹਨ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਕਈ ਵਾਅਦੇ ਕੀਤੇ ਹਨ, ਪਰ ਲਾਲ ਲਕੀਰ ਵਿੱਚ ਰਹਿ ਰਹੇ ਲੋਕਾਂ ਨੂੰ ਮਾਲਕੀ ਹੱਕ ਦੇਣ ਵੱਲ ਕੋਈ ਢੁੱਕਵਾਂ ਕਦਮ ਨਹੀਂ ਚੁੱਕਿਆ ਗਿਆ। ਇਸ ਦੇ ਉਲਟ ਮੌਜੂਦਾ ਮਾਨਯੋਗ ਸਰਕਾਰ ਨੇ ਜ਼ਮੀਨੀ ਹਕੀਕਤ ਨੂੰ ਸਮਝ ਕੇ ਲੋਕਾਂ ਨੂੰ ਹੱਕ ਦਿਵਾਉਣ ਲਈ ਵਚਨਬੱਧਤਾ ਨਾਲ ਕੰਮ ਕੀਤਾ ਹੈ।
ਵਿਧਾਇਕ ਘਨੌਰ ਨੇ ਕਿਹਾ ਕਿ ਇਹ ਸਕੀਮ ਨਾ ਸਿਰਫ਼ ਲੋਕਾਂ ਨੂੰ ਕਾਨੂੰਨੀ ਸੁਰੱਖਿਆ ਪ੍ਰਦਾਨ ਕਰਦੀ ਹੈ ਸਗੋਂ ਉਨ੍ਹਾਂ ਦੀ ਆਰਥਿਕ ਸਥਿਤੀ ਨੂੰ ਵੀ ਮਜ਼ਬੂਤ ਕਰਦੀ ਹੈ। ਹੁਣ ਇਹ ਪਰਿਵਾਰ ਬੈਂਕ ਕਰਜ਼ੇ ਜਾਂ ਹੋਰ ਵਿੱਤੀ ਸਹੂਲਤਾਂ ਲਈ ਆਪਣੀ ਜਾਇਦਾਦ ਦੀ ਵਰਤੋਂ ਕਰ ਸਕਣਗੇ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿਚ ਸੁਧਾਰ ਹੋਵੇਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਵਰਗ ਦਾ ਪੱਧਰ ਉੱਚਾ ਚੁੱਕਣਾ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਹੈ।
ਸਮਾਗਮ ਦੌਰਾਨ ਰਜਿਸਟਰੀਆਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ। ਕਈਆਂ ਨੇ ਕਿਹਾ ਕਿ ਉਹ ਸਾਲਾਂ ਤੋਂ ਇਸ ਦਿਨ ਦਾ ਇੰਤਜ਼ਾਰ ਕਰ ਰਹੇ ਸਨ ਅਤੇ ਅੱਜ ਉਨ੍ਹਾਂ ਦਾ ਸੁਪਨਾ ਪੂਰਾ ਹੋ ਗਿਆ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਮਾਨਯੋਗ ਸਰਕਾਰ ਅਤੇ ਵਿਧਾਇਕ ਗੁਰਲਾਲ ਘਨੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਜ਼ਿੰਦਗੀ ਵਿੱਚ ਨਵਾਂ ਮੋੜ ਆਵੇਗਾ।
ਇਸ ਮੌਕੇ ਚੇਅਰਮੈਨ ਸਹਿਜਪਾਲ ਸਿੰਘ ਦਿਓਲ ਲੱਡਾ ਨਨਹੇੜਾ, ਸਰਪੰਚ ਜੋਧਵੀਰ ਸਿੰਘ ਵੜੈਚ, ਗੁਰਤਾਜ ਸਿੰਘ ਸੰਧੂ, ਗੁਰਪ੍ਰੀਤ ਸਿੰਘ ਢਿੱਲੋਂ ਥੂਹਾ, ਨਿਸ਼ਾਨ ਸਿੰਘ ਸੰਧੂ ਅਤੇ ਸਬੰਧਤ ਅਧਿਕਾਰੀ ਅਤੇ ਪੰਚ, ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
