ਪਟਿਆਲਾ ਨਿਊਜ਼: ਨਾਇਬ ਸਿੰਘ ਸੈਣੀ ਦੀ ਫੇਰੀ ਦੌਰਾਨ ‘ਆਪ’ ਦਾ ਤਿੱਖਾ ਰੋਸ, ਕਾਲੀਆਂ ਝੰਡੀਆਂ ਨਾਲ ਨਾਅਰੇਬਾਜ਼ੀ- ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਦੀ ਅਗਵਾਈ ਹੇਠ ਤਿੱਖਾ ਰੋਸ ਪ੍ਰਦਰਸ਼ਨ।
ਪਟਿਆਲਾ/ਸਮਾਣਾ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪਟਿਆਲਾ ਇਕਾਈ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਸਮਾਣਾ ਦੇ ਕਿਸਾਨ ਭਵਨ ਵਿਖੇ ਕੀਤੀ ਫੇਰੀ ਦੌਰਾਨ ਤਿੱਖਾ ਵਿਰੋਧ ਦਰਜ ਕਰਵਾਇਆ। ਇਹ ਧਰਨਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਅਤੇ ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜੇਮਾਜਰਾ ਦੀ ਅਗਵਾਈ ਹੇਠ ਦਿੱਤਾ ਗਿਆ। ਦੋਵਾਂ ਆਗੂਆਂ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਤਿੱਖਾ ਰੋਸ ਪ੍ਰਗਟ ਕੀਤਾ।
ਪ੍ਰਦਰਸ਼ਨ ਦੌਰਾਨ ਵਰਕਰਾਂ ਨੇ ਕਾਲੇ ਝੰਡੇ ਲਹਿਰਾਏ ਅਤੇ ਨਾਇਬ ਸਿੰਘ ਸੈਣੀ ਨੂੰ ਵਾਪਸ ਜਾਓ, ‘ਪੰਜਾਬ ਦੇ ਪੇਂਡੂ ਵਿਕਾਸ ਫੰਡ ਤੁਰੰਤ ਜਾਰੀ ਕਰੋ’ ਅਤੇ ‘ਹੜ੍ਹ ਪ੍ਰਭਾਵਿਤ ਖੇਤਰਾਂ ਲਈ 1600 ਕਰੋੜ ਰੁਪਏ ਜਾਰੀ ਕਰੋ’ ਵਰਗੇ ਨਾਅਰੇ ਲਾਏ। ਧਰਨਾਕਾਰੀਆਂ ਨੇ ਕਿਹਾ ਕਿ ਇਹ ਸਿਰਫ਼ ਰੋਸ ਨਹੀਂ ਹੈ, ਸਗੋਂ ਪੰਜਾਬ ਦੇ ਹੱਕਾਂ ਦੀ ਲੜਾਈ ਦੀ ਸ਼ੁਰੂਆਤ ਹੈ।
ਇਸ ਮੌਕੇ ਬੋਲਦਿਆਂ ਤੇਜਿੰਦਰ ਮਹਿਤਾ ਅਤੇ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਵੱਲੋਂ ਪੰਜਾਬ ਨਾਲ ਲਗਾਤਾਰ ਬੇਇਨਸਾਫ਼ੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਹੱਕਾਂ ਨੂੰ ਅੱਖੋਂ ਪਰੋਖੇ ਕਰਦਿਆਂ ਪੇਂਡੂ ਵਿਕਾਸ ਫੰਡ ਨੂੰ ਰੋਕ ਦਿੱਤਾ ਗਿਆ ਹੈ, ਜਿਸ ਕਾਰਨ ਸੂਬੇ ਦੇ ਪਿੰਡਾਂ ਦਾ ਵਿਕਾਸ ਪ੍ਰਭਾਵਿਤ ਹੋ ਰਿਹਾ ਹੈ।
ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਭਾਰੀ ਨੁਕਸਾਨ ਹੋਇਆ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਕੋਈ ਵੀ ਯੋਗ ਮਦਦ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 1600 ਕਰੋੜ ਰੁਪਏ ਦੀ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਹਤ ਮਿਲ ਸਕੇ।
ਇਸ ਮੌਕੇ ਹਲਕਾ ਸੰਗਠਨ ਇੰਚਾਰਜ ਗੁਲਜ਼ਾਰ ਸਿੰਘ ਵਿਰਕ, ਹਲਕਾ ਸੰਗਠਨ ਇੰਚਾਰਜ ਸਨੂਰ ਪ੍ਰਦੀਪ ਜੋਸਨ, ਹਲਕਾ ਸੰਗਠਨ ਇੰਚਾਰਜ ਪਟਿਆਲਾ ਕੁੰਦਨ ਗੋਗੀਆ, ਸਿੱਖਿਆ ਵਿੰਗ ਦੇ ਜ਼ਿਲਾ ਪ੍ਰਧਾਨ ਗੁਰਦੇਵ ਟਿਵਾਣਾ, ਐੱਸ.ਸੀ ਵਿੰਗ ਦੇ ਜ਼ਿਲਾ ਪ੍ਰਧਾਨ ਧਰਮਪਾਲ ਨੇਹਰ, ਸ਼ੰਕਰ ਜਿੰਦਲ, ਗੋਪਾਲ ਕ੍ਰਿਸ਼ਨ ਅਤੇ ਵਪਾਰਕ ਕਮਿਸ਼ਨ ਸਮਾਣਾ ਦੇ ਚੇਅਰਮੈਨ ਅਤੇ ਵੱਡੀ ਗਿਣਤੀ ‘ਚ ਰਾਜ ਸਭਾ ਦੇ ਆਗੂ ਅਤੇ ਵੱਡੀ ਗਿਣਤੀ ‘ਚ ਵਰਕਰ ਹਾਜ਼ਰ ਸਨ।
ਅੰਤ ਵਿੱਚ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਪੰਜਾਬ ਦੇ ਹੱਕਾਂ ਲਈ ਇਸੇ ਤਰ੍ਹਾਂ ਧੱਕੇਸ਼ਾਹੀ ਹੁੰਦੀ ਰਹੀ ਅਤੇ ਰਾਸ਼ੀ ਜਲਦੀ ਜਾਰੀ ਨਾ ਕੀਤੀ ਗਈ ਤਾਂ ਆਮ ਆਦਮੀ ਪਾਰਟੀ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਵੱਡੇ ਪੱਧਰ ’ਤੇ ਅੰਦੋਲਨ ਕੀਤਾ ਜਾਵੇਗਾ।

