ਪਟਿਆਲਾ ਨਿਊਜ਼ : ਪੀਆਰਟੀਸੀ ਦੀਆਂ 659 ਨਵੀਆਂ ਬੱਸਾਂ ਜਲਦ ਹੀ ਫਲੀਟ ਵਿੱਚ ਸ਼ਾਮਲ ਹੋਣਗੀਆਂ-ਹਰਪਾਲ ਜੁਨੇਜਾ
ਪਟਿਆਲਾ, 16 ਮਾਰਚ:
ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਅੱਜ ਪੰਜਾਬ ਦੇ ਲੋਕਾਂ ਲਈ ਇੱਕ ਵੱਡੀ ਖੁਸ਼ਖਬਰੀ ਸਾਂਝੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਸੂਬੇ ਦੇ ਲੋਕਾਂ ਨੂੰ ਆਧੁਨਿਕ ਅਤੇ ਸੁਰੱਖਿਅਤ ਸਫ਼ਰੀ ਸਹੂਲਤਾਂ ਪ੍ਰਦਾਨ ਕਰਨ ਲਈ ਪੀ.ਆਰ.ਟੀ.ਸੀ. ਜਲਦ ਹੀ 659 ਨਵੀਆਂ ਬੱਸਾਂ ਫਲੀਟ ਵਿੱਚ ਸ਼ਾਮਲ ਕੀਤੀਆਂ ਜਾ ਰਹੀਆਂ ਹਨ।
ਚੇਅਰਮੈਨ ਜੁਨੇਜਾ ਨੇ ਕਿਹਾ ਕਿ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ‘ਆਪ’ ਸਰਕਾਰ ਦਾ ਮੁੱਖ ਉਦੇਸ਼ ‘ਆਮ ਆਦਮੀ’ ਨੂੰ ਮਜ਼ਬੂਤ ਕਰਨਾ ਹੈ। ਉਹਨਾਂ ਕਿਹਾ ਕਿ ਉਹਨਾਂ ਅਨੁਸਾਰ “ਹਰ ਇੱਕ ਆਮ ਆਦਮੀ ਨੂੰ ਹਰ ਸਰਕਾਰੀ ਸਹੂਲਤ ਪਹਿਲ ਦੇ ਅਧਾਰ ‘ਤੇ ਮਿਲਣੀ ਚਾਹੀਦੀ ਹੈ। ਇਸ ਅਨੁਸਾਰ ਪੀ.ਆਰ.ਟੀ.ਸੀ. ਦੇ ਫਲੀਟ ਵਿੱਚ ਇਹ ਵਾਧਾ ਪੰਜਾਬ ਦੇ ਲੋਕਾਂ ਨੂੰ ਸਸਤੀ ਅਤੇ ਮਿਆਰੀ ਆਵਾਜਾਈ ਦੀ ਸਹੂਲਤ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੋਵੇਗਾ।”
ਚੇਅਰਮੈਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਇਸ ਲੜੀ ਤਹਿਤ ਪਹਿਲੇ ਪੜਾਅ ਵਿੱਚ ਮੁੱਖ ਮੰਤਰੀ ਵੱਲੋਂ ਜਲਦੀ ਹੀ ਨਵੀਆਂ ਬੱਸਾਂ ਪਹੁੰਚਾਈਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਦੇ ਹੋਏ ਵੱਖ-ਵੱਖ ਰੂਟਾਂ ‘ਤੇ ਰਵਾਨਾ ਕੀਤਾ ਜਾਵੇਗਾ। ਇਨ੍ਹਾਂ ਬੱਸਾਂ ਦੇ ਆਉਣ ਨਾਲ ਪੰਜਾਬ ਦਾ ਹਰ ਕਸਬਾ ਸਰਕਾਰੀ ਬੱਸ ਸੇਵਾ ਨਾਲ ਜੁੜ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਸੂਬੇ ਵਿੱਚ ਸਰਕਾਰੀ ਟਰਾਂਸਪੋਰਟ ਸੇਵਾਵਾਂ ਨੂੰ ਇੰਨਾ ਮਜ਼ਬੂਤ ਕੀਤਾ ਜਾ ਰਿਹਾ ਹੈ ਕਿ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਖਾਸ ਕਰਕੇ ਔਰਤਾਂ ਅਤੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੇਗੀ।
