ਪਟਿਆਲਾ ਨਿਊਜ਼: ਪ੍ਰਸ਼ਾਸਨ ਨਾਲ ਇੰਟਰਨ ਵਜੋਂ ਕੰਮ ਕਰਕੇ ਪ੍ਰਾਪਤ ਤਜਰਬਾ ਵਿਦਿਆਰਥੀਆਂ ਦੇ ਕਰੀਅਰ ਵਿੱਚ ਮੀਲ ਪੱਥਰ ਸਾਬਤ ਹੋਵੇਗਾ: ਡਾ ਹਿਮਾਂਸ਼ੂ ਅਗਰਵਾਲ
-ਡਿਪਟੀ ਕਮਿਸ਼ਨਰ ਨੇ ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ ਦੇ ਪਹਿਲੇ ਬੈਚ ਦੇ ਇੰਟਰਨਜ਼ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਸਰਟੀਫਿਕੇਟ ਅਤੇ ਨਕਦ ਇਨਾਮ ਪ੍ਰਦਾਨ ਕੀਤੇ
ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤਾ ਗਿਆ ਪਹਿਲਾ ਤਿੰਨ ਮਹੀਨਿਆਂ ਦਾ “ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ-2026” ਸਫਲਤਾਪੂਰਵਕ ਸਮਾਪਤ ਹੋ ਗਿਆ ਹੈ। ਚੁਣੇ ਗਏ ਇੰਟਰਨਜ਼ ਨੂੰ ਇੰਟਰਨਸ਼ਿਪ ਮੁਕੰਮਲ ਕਰਨ ਦੇ ਸਰਟੀਫਿਕੇਟ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਗਰੁੱਪਾਂ ਨੂੰ ਨਕਦ ਇਨਾਮ ਭੇਟ ਕਰਦਿਆਂ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਵੱਲੋਂ ਪ੍ਰਾਪਤ ਕੀਤਾ ਪ੍ਰਸ਼ਾਸਨਿਕ ਤਜਰਬਾ ਉਨ੍ਹਾਂ ਦੇ ਕਰੀਅਰ ਵਿੱਚ ਮੀਲ ਪੱਥਰ ਸਾਬਤ ਹੋਵੇਗਾ। ਇਸ ਮੌਕੇ ਸ਼ਹਿਰੀ ਵਿਕਾਸ ਦੇ ਓਐਸਡੀ ਮੁਕਿਲਨ ਆਰ ਵੀ ਮੌਜੂਦ ਸਨ।
ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਪ੍ਰਸ਼ਾਸਨਿਕ ਕੰਮਕਾਜ, ਸਰਕਾਰੀ ਨੀਤੀ ਨਿਰਮਾਣ ਦੀ ਪ੍ਰਕਿਰਿਆ ਅਤੇ ਜ਼ਮੀਨੀ ਪੱਧਰ ‘ਤੇ ਜਨਤਕ ਸੇਵਾ ਦੇ ਤਜ਼ਰਬੇ ਤੋਂ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਦੌਰਾਨ, 49 ਚੁਣੇ ਗਏ ਇੰਟਰਨਜ਼ ਨੇ 17 ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਵਿੱਚ ਕੁਸ਼ਲਤਾ ਨਾਲ ਕੰਮ ਕੀਤਾ। ਇੰਟਰਨਜ਼ ਦੁਆਰਾ ਤਿਆਰ ਕੀਤੀਆਂ ਗਈਆਂ ਪ੍ਰੋਜੈਕਟ ਰਿਪੋਰਟਾਂ ਦੇ ਅਧਾਰ ‘ਤੇ ਅੰਤਮ ਪੇਸ਼ਕਾਰੀਆਂ ਤੋਂ ਬਾਅਦ, ਸਰਬੋਤਮ ਤਿੰਨ ਇੰਟਰਨਾਂ/ਸਮੂਹਾਂ ਦੀ ਚੋਣ ਕੀਤੀ ਗਈ ਅਤੇ ਰੈੱਡ ਕਰਾਸ ਸੁਸਾਇਟੀ, ਪਟਿਆਲਾ ਦੁਆਰਾ ਸਪਾਂਸਰ ਕੀਤੇ ਗਏ ਕੁੱਲ 31,000 ਰੁਪਏ ਦੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਸਾਰੇ ਇੰਟਰਨਜ਼ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਪ੍ਰੋਗਰਾਮ ਦੌਰਾਨ ਪ੍ਰਾਪਤ ਗਿਆਨ ਅਤੇ ਤਜ਼ਰਬੇ ਦੀ ਵਰਤੋਂ ਸਮਾਜ ਦੀ ਬਿਹਤਰੀ ਲਈ ਕਰਨਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਰੁਜ਼ਗਾਰ ਅਤੇ ਉੱਦਮ ਬਿਊਰੋ (ਡੀ.ਬੀ.ਈ.ਈ.) ਪਟਿਆਲਾ ਦੀ ਟੀਮ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ – ਡਿਪਟੀ ਡਾਇਰੈਕਟਰ ਰਵਿੰਦਰਪਾਲ ਸਿੰਘ, ਡਿਪਟੀ ਸੀ.ਈ.ਓ. ਸਤਿੰਦਰ ਸਿੰਘ ਅਤੇ ਕੈਰੀਅਰ ਕੌਂਸਲਰ ਡਾ ਰੂਪਸੀ ਪਾਹੂਜਾ ਨੇ ਤਿੰਨ ਮਹੀਨਿਆਂ ਦੇ ਅਰਸੇ ਦੌਰਾਨ ਪ੍ਰੋਗਰਾਮ ਨੂੰ ਸਫਲਤਾਪੂਰਵਕ ਚਲਾਉਣ ਅਤੇ ਪ੍ਰਭਾਵਸ਼ਾਲੀ ਤਾਲਮੇਲ ਬਣਾਈ ਰੱਖਣ ਲਈ ਸ਼ਲਾਘਾ ਕੀਤੀ।
