ਪਟਿਆਲਾ ਨਿਊਜ਼ : ਸਿਹਤ ਮੰਤਰੀ ਨੇ ਮੇਅਰ, ਡਿਪਟੀ ਕਮਿਸ਼ਨਰ ਅਤੇ ਵਧੀਕ ਕਮਿਸ਼ਨਰ ਨਾਲ ਸਫਾਈ ਮੁਹਿੰਮ ਦੀ ਅਗਵਾਈ ਕੀਤੀ

ਡਾ. ਬਲਬੀਰ ਸਿੰਘ ਨੇ ਕੂੜਾ-ਕਰਕਟ ਕੂੜੇਦਾਨ ਵਿੱਚ ਪਾਉਣ ਅਤੇ ਪਲਾਸਟਿਕ ਦੀ ਵਰਤੋਂ ਨੂੰ ਘੱਟ ਕਰਨ ਲਈ ਲੋਕਾਂ ਨੂੰ ਜਾਗਰੂਕ ਕੀਤਾ

ਪਟਿਆਲਾ ‘ਚ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਲਗਾਤਾਰ ਤੀਜੇ ਦਿਨ ਵੀ ਜਾਰੀ

ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਲਗਾਤਾਰ ਤੀਜੇ ਦਿਨ ਪਟਿਆਲਾ ਵਿਖੇ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਨੇੜੇ ਸਫਾਈ ਮੁਹਿੰਮ ਦੀ ਅਗਵਾਈ ਕੀਤੀ। ਉਨ੍ਹਾਂ ਲੋਕਾਂ ਨੂੰ ਕੂੜੇਦਾਨ ਵਿੱਚ ਕੂੜਾ ਸੁੱਟਣ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਲਈ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ ਹਿਮਾਂਸ਼ੂ ਅਗਰਵਾਲ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਦੀ ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਵੀ ਹਾਜ਼ਰ ਸਨ।

ਸਵੱਛਤਾ ਮੁਹਿੰਮ ਦੌਰਾਨ ਡਾ. ਬਲਬੀਰ ਸਿੰਘ ਨੇ ਖੁਦ ਸਫਾਈ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫਾਈ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਸਵੱਛ ਵਾਤਾਵਰਣ ਬਹੁਤ ਜ਼ਰੂਰੀ ਹੈ ਅਤੇ ਹਰ ਨਾਗਰਿਕ ਨੂੰ ਇਸ ਨੂੰ ਸਿਰਫ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਸਮਝਣ ਦੀ ਬਜਾਏ ਸਵੱਛਤਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜਾ ਸੜਕਾਂ, ਜਨਤਕ ਥਾਵਾਂ ਅਤੇ ਖੁੱਲ੍ਹੇ ਵਿੱਚ ਸੁੱਟਣ ਦੀ ਬਜਾਏ ਸਿਰਫ਼ ਨਿਰਧਾਰਿਤ ਕੂੜੇਦਾਨਾਂ ਵਿੱਚ ਹੀ ਪਾਉਣ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਘਟਾ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਵਿੱਚ ਹਰ ਨਾਗਰਿਕ ਅਹਿਮ ਭੂਮਿਕਾ ਨਿਭਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਦਾ ਉਦੇਸ਼ ਨਾ ਸਿਰਫ ਸਵੱਛਤਾ ਦੀਆਂ ਗਤੀਵਿਧੀਆਂ ਨੂੰ ਅੰਜਾਮ ਦੇਣਾ ਹੈ, ਬਲਕਿ ਲੋਕਾਂ ਵਿੱਚ ਸਵੱਛਤਾ ਅਤੇ ਵਾਤਾਵਰਣ ਦੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦਾ ਟੀਚਾ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ।

ਇਸ ਮੁਹਿੰਮ ਦੌਰਾਨ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਵੀ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਹਿੱਸਾ ਲਿਆ। ਨੌਜਵਾਨ ਪੀੜ੍ਹੀ ਨੂੰ ਵਾਤਾਵਰਣ ਅਤੇ ਸਫਾਈ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ, ਵਿਦਿਆਰਥੀਆਂ ਨੇ ਲੋਕਾਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਅਤੇ ਸਿੰਗਲ ਯੂਜ਼ ਪਲਾਸਟਿਕ ਦਾ ਤਿਆਗ ਕਰਨ ਦਾ ਸੰਦੇਸ਼ ਵੀ ਦਿੱਤਾ। ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਮੰਤਰੀਆਂ ਅਤੇ ਅਧਿਕਾਰੀਆਂ ਨੇ ਕਿਹਾ ਕਿ ਜਦੋਂ ਬੱਚੇ ਅਤੇ ਨੌਜਵਾਨ ਸਮਾਜਿਕ ਤਬਦੀਲੀ ਦੀ ਮੁਹਿੰਮ ਵਿੱਚ ਸ਼ਾਮਲ ਹੁੰਦੇ ਹਨ ਤਾਂ ਮਿਸ਼ਨ ਇੱਕ ਵੱਡੇ ਜਨਤਕ ਅੰਦੋਲਨ ਦਾ ਰੂਪ ਧਾਰਨ ਕਰਦਾ ਹੈ।

ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਵਿਰਕ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *